ਆਮ ਆਦਮੀ ਪਾਰਟੀ ਕਰੋਨਾ ਮਹਾਂਮਾਰੀ ‘ਤੇ ਸਿਆਸਤ ਨਾ ਕਰੇ-ਅਰੋੜਾ
ਚੰਡੀਗੜ/ਨਵਾਂਸ਼ਹਿਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਕੋਵਿਡ ਮਹਾਮਾਰੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਇਕ ਕਰ ਰਹੀ ਹੈ, ਪਰੰਤੂ ਇਸ ਬਿਮਾਰੀ ਨੂੰ ਮਾਤ ਦੇਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ, ਇਹ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲੇ ਵਿਚ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਨੁੱਖਤਾ ਦੀ ਭਲਾਈ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ ‘ਤੇ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਅਤੇ ਅਫ਼ਵਾਹਾਂ ਫੈਲਾਉਣਾ ਬੇਹੱਦ ਘਟੀਆ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਆਮ ਆਦਮੀ ਪਾਰਟੀ ਵੱਲੋਂ ਆਕਸੀਮੀਟਰ ਵੰਡੇ ਜਾਣ ਨੂੰ ਢਕਵੰਜ ਦੱਸਦਿਆਂ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਰਾਜਸੀ ਆਕਸੀਜਨ ਦੀ ਲੋੜ ਹੈ। ਉਨਾਂ ਕਿਹਾ ਕਿ ਇਸ ਤਰਾਂ ਆਕਸੀਮੀਟਰ ਵੰਡਣ ਦਾ ਕੋਈ ਫਾਇਦਾ ਨਹੀਂ। ਉਨਾਂ ਸਵਾਲ ਕੀਤਾ ਕਿ ਕੀ ਆਕਸੀਮੀਟਰ ਨੂੰ ਆਪਰੇਟ ਕਰਨ ਸਬੰਧੀ ਜਾਗਰੂਕ ਕਰਨ ਲਈ ਉਨਾਂ ਕੋਲ ਇੰਨੇ ਹੈਲਥ ਵਰਕਰ ਮੌਜੂਦ ਹਨ? ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਸਗੋਂ ਕੋਵਿਡ ਦਾ ਫੈਲਾਅ ਹੀ ਹੋਵੇਗਾ। ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਕੋਵਿਡ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਅਰੋੜਾ ਨੇ ਕਿਹਾ ਕਿ ਇਸ ਜ਼ਿਲੇ ਵਿਚ ਕੋਵਿਡ ਦਾ ਪਹਿਲਾ ਕੇਸ ਆਇਆ ਸੀ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜਿਸ ਤਰੀਕੇ ਨਾਲ ਮਿਹਨਤ ਕਰ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਗਿਆ, ਉਹ ਇਕ ਮਿਸਾਲ ਹੈ। ਇਸ ਤੋਂ ਪਹਿਲਾਂ ਉਨਾਂ ਜ਼ਿਲਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰ ਕੇ ਉਥੇ ਕੋਵਿਡ ਪ੍ਰਬੰਧਾਂ ਅਤੇ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਉਨਾਂ ਸੇਵਾ ਕੇਂਦਰ ਮੀਟਿੰਗ ਹਾਲ ਵਿਚ ਜ਼ਿਲਾ ਅਧਿਕਾਰੀਆਂ, ਜਨਤਕ ਪ੍ਰਤੀਨਿਧੀਆਂ, ਆਈ. ਐਮ. ਏ ਦੇ ਅਹੁਦੇਦਾਰਾਂ, ਵਪਾਰੀਆਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਐਸ. ਐਸ. ਪੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਭਾਟੀਆ ਤੇ ਹੋਰ ਹਾਜ਼ਰ ਸਨ।