ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਗਾਇਕ ਦਿਲਜੀਤ ਦੋਸਾਂਝ ਦਾ ਲਾਈਵ ਕੰਸਰਟ ਸ਼ਨੀਵਾਰ (14 ਦਸੰਬਰ) ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਹੋਇਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਤ 10 ਵਜੇ ਤੋਂ ਪਹਿਲਾਂ ਕੰਸਰਟ ਸਮਾਪਤ ਹੋ ਗਿਆ। ਦਿਲਜੀਤ ਨੇ ਆਉਂਦਿਆਂ ਹੀ ਪੰਜ ਤਾਰਾ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਚੰਡੀਗੜ੍ਹ ਪ੍ਰਸ਼ਾਸਨ ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਤਿਆਰੀਆਂ ਵਿੱਚ ਪੂਰੀ ਤਰ੍ਹਾਂ ਰੁੱਝਿਆ ਹੋਇਆ ਸੀ, ਉੱਥੇ ਹੀ ਸ਼ੋਅ ਦੌਰਾਨ ਦਿਲਜੀਤ ਨੇ ਪ੍ਰਸ਼ਾਸਨ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ।
ਸ਼ੋਅ ਦੌਰਾਨ ਆਈਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਦਿਲਜੀਤ ਨੇ ਕਿਹਾ, “ਸਾਨੂੰ ਪਰੇਸ਼ਾਨ ਕਰਨ ਦੀ ਬਜਾਏ, ਆਪਣੇ ਬੁਨਿਆਦੀ ਢਾਂਚੇ ਨੂੰ ਸੁਧਾਰੋ।” ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਤੱਕ ਚੰਡੀਗੜ੍ਹ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਇੱਥੇ ਮੁੜ ਪ੍ਰਦਰਸ਼ਨ ਨਹੀਂ ਕਰਨਗੇ। ਉਨ੍ਹਾਂ ਦੇ ਇਸ ਬਿਆਨ ਨੇ ਪ੍ਰਸ਼ਾਸਨ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।