ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਪੀਯੂ ਸੈਨੇਟ ਮਾਮਲੇ ‘ਤੇ ਅੱਜ ਆਪ ਪੰਜਾਬ ਦਾ ਵਫਦ ਗਵਰਨਰ ਨਾਲ ਮੁਲਾਕਾਤ ਕਰੇਗਾ। ਵਫਦ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰੇਗਾ। ਇਸ ਵਫਦ ਦੇ ਨਾਲ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰਾਂ ਦਾ ਵਫਦ ਦੀ ਨਾਲ ਮੌਜੂਦ ਰਹੇਗਾ। ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਕੀਤੀ ਜਾਏਗੀ।
ਵਿਦਿਆਰਥੀ ਯੂਨੀਅਨ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਸੰਬੰਧੀ ਆਪਣੀਆਂ ਹਾਲੀਆ ਨੋਟੀਫਿਕੇਸ਼ਨਾਂ ਨਾਲ ਸਾਰਿਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਸਲੀਅਤ ਵਿੱਚ, ਕੋਈ ਨੋਟੀਫਿਕੇਸ਼ਨ ਰੱਦ ਨਹੀਂ ਕੀਤਾ ਗਿਆ ਹੈ, ਸਗੋਂ ਵਾਪਸ ਲੈਣ ਦਾ ਭਰਮ ਪੈਦਾ ਕੀਤਾ ਗਿਆ ਹੈ। ਵਿਦਿਆਰਥੀ ਯੂਨੀਅਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ, ਰੱਦ ਨਹੀਂ ਕੀਤਾ ਹੈ। ਕੇਂਦਰ ਵੱਲੋਂ ਸਗੋਂ ਨੋਟੀਫਿਕੇਸ਼ਨ ਵਾਪਸ ਲੈਣ ਦਾ ਭਰਮ ਪੈਦਾ ਕੀਤਾ ਗਿਆ ਹੈ। ਕੇਂਦਰ ਨੇ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਹਨ।

ਉੱਥੇ ਹੀ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ।
ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ ‘ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ।”