- ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਦਰਜ ਕਰਵਾਈ ਸ਼ਿਕਾਇਤ
ਦਾ ਐਡੀਟਰ ਨਿਊਜ਼, ਅੰਮ੍ਰਿਤਸਰ —- ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਸਬੰਧੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਪੇਸ਼ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਹਰਕਤਾਂ ਹੋਈਆਂ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਵਾਲ ਕਰਨ ਵਾਲਿਆਂ ਖਿਲਾਫ਼ ਤਾਂ ਤੁਰੰਤ ਐਕਸ਼ਨ ਕਰਦਿਆਂ ਪਰਚਾ ਦਰਜ ਹੋ ਜਾਂਦਾ ਹੈ ਅਤੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਜਾਂਦੇ ਹਨ, ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰੱਅਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।