- ਪੰਜਾਬ ਤੋਂ ਪਹਿਲੇ ਮੈਂਬਰ ਹੋਣ ਦੇ ਨਾਤੇ ਮੀਟਿੰਗ ਵਿੱਚ ਸ਼ਾਮਲ ਹੋ ਕੇ ਸੂਬੇ ਦਾ ਵਧਾਇਆ ਮਾਣ
ਦਾ ਐਡੀਟਰ ਨਿਊਜ਼, ਲੁਧਿਆਣਾ —– ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਐਨ.ਆਈ.ਐਸ.ਡੀ. ਦੀ ਦਿੱਲੀ ਵਿਖੇ ਜਨਰਲ ਕੌਂਸਲ ਮੀਟਿੰਗ ਵਿਚ ਸ਼ਿਰਕਤ ਕੀਤੀ, ਜਿਸ ਵਿਚ ਬਿੰਦਰਾ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਦੇ ਸੰਯੁਕਤ ਸਕੱਤਰ ਨੂੰ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।
ਇਸ ਦੌਰਾਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਪੰਜਾਬ ਤੋਂ ਪਹਿਲੇ ਮੈਂਬਰ ਹੋਣ ਦੇ ਨਾਤੇ ਇਸ ਜਨਰਲ ਕੌਂਸਲ ਮੀਟਿੰਗ ਵਿੱਚ ਸ਼ਾਮਲ ਹੋ ਕੇ ਸੂਬੇ ਦਾ ਮਾਣ ਵਧਾ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।

ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਅਤੇ ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕਰਨ ਤਹਿਤ ਪੰਜਾਬ ‘ਚ ਦੋ ਵੱਡੇ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਪਹਿਲਾਂ ਪ੍ਰੋਗਰਾਮ ਜਨਵਰੀ 2025 ‘ਚ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਲੁਧਿਆਣਾ ‘ਚ ਕਰਵਾਇਆ ਗਿਆ ਸੀ ਅਤੇ ਦੂਜਾ ਪ੍ਰੋਗਰਾਮ ਨਵੰਬਰ 2025 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਅੰਮ੍ਰਿਤਸਰ ‘ਚ ਕਰਵਾਇਆ ਗਿਆ। ਇਨ੍ਹਾਂ ਦੋਵਾਂ ਪ੍ਰੋਗਰਾਮਾਂ ‘ਚ 50 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੇ ਭਾਗ ਗਿਆ ਅਤੇ ਲੱਖਾਂ ਦੀ ਗਿਣਤੀ ‘ਚ ਨੌਜਵਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਨਲਾਈਨ ਜੁੜੇ। ਇਨ੍ਹਾਂ ਦੋਵਾਂ ਪ੍ਰੋਗਰਾਮਾਂ ‘ਚ ਮਾਨਯੋਗ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮੌਜੂਦ ਰਹੇ। ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਹੀ ਨਸ਼ਾ ਮੁਕਤ ਅਭਿਆਨ ਅਨੁਸਾਰ ਪੰਜਾਬ ‘ਚ ਹੋਰ ਪ੍ਰੋਗਰਾਮ ਵੀ ਕਰਵਾਏ ਜਾਣਗੇ।
ਇਸ ਦੌਰਾਨ ਬਿੰਦਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਕੇਂਦਰ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਬਿੰਦਰਾ ਨੇ ਕਿਹਾ ਕਿ ਔਰਤਾਂ ਅਤੇ ਬਜ਼ੁਰਗਾਂ ਲਈ ਵੀ ਪੈਨਸ਼ਨ ਸਕੀਮਾਂ ਲਾਗੂ ਕੀਤੀਆਂ ਜਾਣ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਸੁਧਾਂਸ਼ ਪੰਤ (ਆਈ.ਏ.ਐਸ.), ਸੈਕਟਰੀ ਪਰਵੀਨ ਥਿੰਦ (ਆਈ.ਏ.ਐਸ.) ਅਤੇ ਗੌਰਵ ਰਾਜਵੰਤ (ਆਈ.ਏ.ਐਸ.) ਵੀ ਮੌਜੂਦ ਸਨ।
ਅੰਤ ‘ਚ ਬਿੰਦਰਾ ਨੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਅਤੇ ਮਾਨਯੋਗ ਕੇਂਦਰੀ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਦਾ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਯੁਵਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਅਟੁੱਟ ਵਚਨਬੱਧਤਾ ਲਈ ਧੰਨਵਾਦ ਵੀ ਕੀਤਾ।