ਦਾ ਐਡੀਟਰ ਨਿਊਜ.ਚੰਡੀਗੜ੍ਹ —– ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਅੱਖਾਂ ਦੇ ਤਾਰੇ ਰਹੇ ਭਰਤ ਇੰਦਰ ਸਿੰਘ ਚਹਿਲ ਵਿਜੀਲੈਂਸ ਦੀ ਅੱਖ ਦੀ ਰੜਕ ਬਣ ਗਏ ਹਨ ਜਿਸ ਪਿੱਛੋ ਵਿਜੀਲੈਂਸ ਵੱਲੋਂ ਚਹਿਲ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਹਿਲ ਵਿਦੇਸ਼ ਭੱਜਣ ਦੀ ਕੋਸ਼ਿਸ਼ ਵਿੱਚ ਹਨ ਇਸ ਲਈ ਵਿਜੀਲੈਂਸ ਨੇ ਨੋਟਿਸ ਕੱਢ ਕੇੇ ਦੇਸ਼ ਦੇ ਸਾਰੇ ਏਅਰਪੋਰਟਾਂ ’ਤੇ ਇਸਦੀ ਜਾਣਕਾਰੀ ਸਾਂਝੀ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਭਰਤ ਇੰਦਰ ਸਿੰਘ ਚਹਿਲ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਨੇ ਚਹਿਲ ਤੋਂ ਲੰਬੀ ਪੁੱਛ-ਗਿੱਛ ਵੀ ਕੀਤੀ ਸੀ ਤੇ ਪਟਿਆਲਾ ਸਥਿਤ ਉਨ੍ਹਾਂ ਦੇ ਮੈਰਿਜ ਪੈਲੇਸ ਦੀ ਪੈਮਾਇਸ਼ ਵੀ ਕੀਤੀ ਗਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। ਦੱਸਣਯੋਗ ਹੈ ਕਿ ਚਾਹਲ ਸਿਹਤ ਸਬੰਧੀ ਸਮੱਸਿਆਵਾਂ ਦੇ ਕਾਰਨ ਛੇ ਮਹੀਨਿਆਂ ਤੋਂ ਵੱਧ ਸਮੇਂ ਤੱਕ ਵਿਜੀਲੈਂਸ ਤੋਂ ਬਚੇ ਰਹੇ, ਪਰ ਬਾਅਦ ਵਿੱਚ ਹਾਈ ਕੋਰਟ ਤੋਂ ਅੰਤਰਿਮ ਰਾਹਤ ਲੈ ਕੇ ਜਾਂਚ ਵਿੱਚ ਸ਼ਾਮਲ ਹੋਏ ਸਨ।