ਚੰਡੀਗੜ੍ਹ, 15 ਸਤੰਬਰ 2023 – 31 ਜੁਲਾਈ ਨੂੰ ਹਰਿਆਣਾ ਦੇ ਨੂਹ ‘ਚ ਹਿੰਸਾ ਹੋਈ ਸੀ। ਫ਼ਿਰੋਜ਼ਪੁਰ-ਝਿਰਕਾ ਤੋਂ ਕਾਂਗਰਸੀ ਵਿਧਾਇਕ ਮੋਮਨ ਖ਼ਾਨ ਨੂੰ ਪੁਲਿਸ ਨੇ ਹਿੰਸਾ ਫੈਲਾਉਣ ਦੇ ਦੋਸ਼ ਹੇਠ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਸਤੀਸ਼ ਕੁਮਾਰ ਨੇ ਦੱਸਿਆ ਕਿ ਖਾਨ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖਾਨ ਨੂੰ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਦੂਜੇ ਪਾਸੇ ਪੁਲੀਸ ਨੇ ਵਿਧਾਇਕ ਦੇ ਪਿੰਡ ਭਦਾਸ ਅਤੇ ਆਸਪਾਸ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਖਾਨ ‘ਤੇ ਹਿੰਸਾ ਦੌਰਾਨ ਦੰਗਾਕਾਰੀਆਂ ਦੇ ਸੰਪਰਕ ‘ਚ ਰਹਿਣ ਦਾ ਦੋਸ਼ ਸੀ। ਇਸ ਤੋਂ ਇਲਾਵਾ ਉਸ ‘ਤੇ ਸੋਸ਼ਲ ਮੀਡੀਆ ‘ਤੇ ਭੜਕਾਊ ਪੋਸਟਾਂ ਪਾ ਕੇ ਹਿੰਸਾ ਭੜਕਾਉਣ ਦਾ ਦੋਸ਼ ਹੈ।
ਪੁਲਿਸ ਨੇ ਮਾਮਨ ਖਾਨ ਨੂੰ ਦੋ ਵਾਰ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬੁਲਾਇਆ, ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਇਆ। ਮੋਮਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਿੰਸਾ ਮਾਮਲੇ ਦੀ ਨਿਰਪੱਖ ਜਾਂਚ ਅਤੇ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਸੀ।
ਵੀਰਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਤੋਂ ਬਾਅਦ ਅਗਲੀ ਸੁਣਵਾਈ ਲਈ 19 ਅਕਤੂਬਰ ਦੀ ਤਰੀਕ ਤੈਅ ਕੀਤੀ ਗਈ। ਨੂਹ ਹਿੰਸਾ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ।