ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੰਜਾਬ ਪੁਲਿਸ ਨੇ ਵੀਰਵਾਰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਹਾਲਾਂਕਿ ਪੁਲਿਸ ਨੇ ਅਦਾਲਤ ਤੋਂ ਬੰਟੀ ਰੋਮਾਣਾ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਮੰਗ ਰੱਦ ਕਰ ਦਿੱਤੀ ਅਤੇ ਇਸ ਤੋਂ ਬਾਅਦ ਬੰਟੀ ਰੋਮਾਣਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਹੈ।
ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ੁਦ ਆਗੂਆਂ ਸਮੇਤ ਐਸਐਸਪੀ ਮੁਹਾਲੀ ਦਫ਼ਤਰ ਪੁੱਜੇ। ਪ੍ਰਦਰਸ਼ਨ ਦੇ ਮੱਦੇਨਜ਼ਰ ਬੰਟੀ ਰੋਮਾਣਾ ਨੂੰ ਦੇਰ ਰਾਤ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।
ਪੁਲਿਸ ਨੇ ਅਦਾਲਤ ਤੋਂ ਤਿੰਨ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ। ਪਰ ਅਦਾਲਤ ਨੇ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਰਿਮਾਂਡ ਦੀ ਕੋਈ ਲੋੜ ਨਹੀਂ ਹੈ। ਜਿਸ ਤੋਂ ਬਾਅਦ ਰੋਮਾਣਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਬੰਟੀ ਰੋਮਾਣਾ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਦੇ ਵਾਇਰਲ ਹੁੰਦੇ ਹੀ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਅਤੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਅਤੇ ਉਨ੍ਹਾਂ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਤੋਂ ਬਾਅਦ ਮੋਹਾਲੀ ਪੁਲਸ ਨੇ ਬੰਟੀ ਰੋਮਾਣਾ ਖਿਲਾਫ ਮਾਮਲਾ ਦਰਜ ਕਰਕੇ ਵੀਰਵਾਰ ਦੁਪਹਿਰ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।
48 ਸਾਲਾ ਪਰਮਬੰਸ ਸਿੰਘ ਬੰਟੀ ਰੋਮਾਣਾ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਸਾਲ 2022 ਵਿਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਅਕਾਲੀ ਦਲ ਦੀ ਟਿਕਟ ‘ਤੇ ਫਰੀਦਕੋਟ ਸੀਟ ਤੋਂ ਚੋਣ ਲੜਿਆ ਸੀ ਪਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਤੋਂ ਹਾਰ ਗਿਆ ਸੀ।