ਦਾ ਐਡੀਟਰ ਨਿਊਜ਼, ਗੁਰਦਾਸਪੁਰ ——— ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਿਨ-ਦਿਹਾੜੇ ਕੁਝ ਅਣਪਛਾਤੇ ਨੌਜਵਾਨਾਂ ਨੇ 21 ਸਾਲਾ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਗੁਰਬੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿੱਥੇ ਕੁਝ ਅਣਪਛਾਤੇ ਵਿਅਕਤੀ ਨੌਜਵਾਨ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ।
ਇਸੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ 21 ਸਾਲਾ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪਿੰਡੀ ਫਤਿਹਗੜ੍ਹ ਚੂੜੀਆਂ ਕਸਬਾ ਸਥਿਤ ਪਰਫੈਕਟ ਸੈਲੂਨ ਦੇ ਬਾਹਰ ਖੜ੍ਹਾ ਸੀ ਤਾਂ ਸਾਹਮਣੇ ਤੋਂ ਆਏ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਅਸ਼ਵਨੀ ਘੁਟਿਆਲ ਦੇ ਡੀਐਸਪੀ ਸਵਰਨਜੀਤ ਸਿੰਘ ਸਮੇਤ ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਸੱਤ ਨੌਜਵਾਨਾਂ ਨੇ ਗੁਰਬੀਰ ਸਿੰਘ ਨਾਲ ਝਗੜਾ ਕੀਤਾ ਸੀ ਅਤੇ ਗੋਲੀਆਂ ਚਲਾਈਆਂ ਸਨ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਖਮੀ ਗੁਰਬੀਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗੁੰਡਾਗਰਦੀ ਸ਼ਰੇਆਮ ਹੋ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ‘ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ।