ਪੰਜਾਬ ਦੀਆਂ ਜੇਲਾਂ ‘ਚੋ 4000 ਤੱਕ ਕੈਦੀ ਕੀਤੇ ਜਾਣਗੇ ਰਿਹਾਅ
ਚੰਡੀਗੜ-ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦਿਆਂ ਸੂਬੇ ਦੀਆਂ ਜੇਲਾਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕੈਦੀਆਂ ਦੀ ਅਧਿਕਾਰਤ ਸਮਰੱਥਾ 50 ਫੀਸਦੀ ਤੱਕ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਜੇਲਾਂ ਵਿੱਚ ਸਮਾਜਿਕ ਵਿੱਥ ਦੇ ਨਾਲ-ਨਾਲ ਕੈਦੀਆਂ ਲਈ ਏਕਾਂਤਵਾਸ ਵਾਸਤੇ ਢੁੱਕਵੀਂ ਜਗਾਂ ਮੁਹੱਈਆ ਕਰਵਾਈ ਜਾ ਸਕੇ। ਇਸ ਫੈਸਲੇ ਤਹਿਤ 3500 ਤੋਂ 4000 ਤੱਕ ਹੋਰ ਕੈਦੀਆਂ ਨੂੰ ਛੱਡਿਆ ਜਾਵੇਗਾ ਜਦੋਂ ਕਿ ਇਸ ਤੋਂ ਪਹਿਲਾਂ 9500 ਕੈਦੀਆਂ ਨੂੰ ਛੱਡਿਆ ਗਿਆ ਸੀ।ਇਹ ਜਾਣਕਾਰੀ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ। ਜੇਲ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜੇਲਾਂ ਵਿੱਚ ਕੈਦੀਆਂ ਦੀ ਆਮਦ ਕਰੀਬ 3000 ਕੈਦੀ ਪ੍ਰਤੀ ਮਹੀਨਾ ਹੈ। ਇਸ ਵੇਲੇ ਸੂਬੇ ਦੀਆਂ ਜੇਲਾਂ ਵਿੱਚ 17500 ਕੈਦੀ ਹਨ ਜੋ ਕਿ ਕੁੱਲ ਸਮਰੱਥਾ ਦਾ 73 ਫੀਸਦੀ ਹੈ। ਹੁਣ ਤੱਕ 449 ਕੈਦੀ ਤੇ 77 ਜੇਲ ਕਰਮੀਆਂ ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ। ਸਿਫਾਰਸ਼ਾਂ ਤਹਿਤ ਪੈਰੋਲ ‘ਤੇ ਛੱਡੇ ਜਾਣ ਵਾਲਿਆਂ ਕੈਦੀਆਂ ਵਿੱਚ ਹੁਣ ਆਈ.ਪੀ.ਸੀ. ਦੀ ਧਾਰਾ 379, 420, 406, 452, 323, 324, 188, 336, 316, 279, 170, 337, 338, 315 ਤੇ 498-ਏ ਤਹਿਤ ਫੜੇ ਵੀ ਸ਼ਾਮਲ ਹਨ।