ਕੈਪਟਨ ਵੱਲੋਂ 92 ਕਰੋੜ ਰੁਪਏ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼
ਚੰਡੀਗੜ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ ‘ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ ‘ਤੇ ਸਮਾਰਟ ਫੋਨ ਸੌਂਪੇ। ਇਸ ਦੇ ਨਾਲ ਹੀ ਸੂਬਾ ਭਰ ਵਿੱਚ 26 ਵੱਖ-ਵੱਖ ਥਾਵਾਂ ‘ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲਿਆਂ ਵਿੱਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫੋਨ ਨਿੱਜੀ ਤੌਰ ‘ਤੇ ਵੰਡੇ ਜਿਸ ਨਾਲ ਸੂਬੇ ਵਿੱਚ ਕਾਂਗਰਸ ਸਰਕਾਰ ਨੇ ਆਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ ਜੋ ਨਵੰਬਰ, 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ। ਇਨਾਂ ਵਿਦਿਆਰਥੀਆਂ ਵਿੱਚ 87,395 ਲੜਕੇ ਅਤੇ 86,620 ਲੜਕੀਆਂ ਹਨ ਜਿਨਾਂ ਵਿੱਚੋਂ ਵੱਡੀ ਗਿਣਤੀ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹੈ। ਇਸ ਕਰਕੇ ਇਸ ਸਕੀਮ ਨਾਲ ਆਨਲਾਈਨ/ਡਿਜੀਟਲ ਸਿੱਖਿਆ ਤੱਕ ਪਹੁੰਚ ਕਰਨ ਲਈ ਇਨਾਂ ਵਿਦਿਆਰਥੀਆਂ ਦੇ ਰਸਤੇ ਵਿੱਚ ਰੁਕਾਵਟਾਂ ਖੜੀਆਂ ਹੋਣ ਕਰਕੇ ਪੈਦਾ ਹੁੰਦੇ ਪਾੜੇ ਨੂੰ ਹੁਣ ਪੂਰਿਆ ਜਾ ਸਕੇਗਾ। ਸਕੀਮ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ ਵਿੱਚ 36,555 ਲਾਭਪਾਤਰੀ ਓ.ਬੀ.ਸੀ., 94,832 ਐਸ.ਸੀ. ਅਤੇ 13 ਵਿਦਿਆਰਥੀ ਐਸ.ਟੀ. ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ ਜਿਨਾਂ ਦੀ ਗਿਣਤੀ 1,11,857 ਹੈ ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲ ਨਾਲ ਸਬੰਧਤ ਹਨ। ਅੱਜ ਦੁਪਹਿਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਜਨਮਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ‘ਤੇ ਲੋਕ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਉਨਾਂ ਦਾ ਫਰਜ਼ ਬਣਦਾ ਹੈ। ਵਿਦਿਆਰਥਣ ਗਗਨਦੀਪ ਜੋ ਹੁਸ਼ਿਆਰਪੁਰ ਤੋਂ ਇਕ ਮਜ਼ਦੂਰ ਦੀ ਲੜਕੀ ਹੈ, ਨੇ ਮੁੱਖ ਮੰਤਰੀ ਨੂੰ ਵੀਡਿਓ ਰਾਹੀਂ ਦੱਸਿਆ ਕਿ ਉਸ ਨੇ ਭਾਵੇਂ ਗਿਆਰਵੀਂ ਕਲਾਸ ਵਿੱਚ 85 ਫੀਸਦੀ ਅੰਕ ਹਾਸਲ ਕੀਤੇ ਸਨ ਪਰ ਸਮਾਰਟ ਫੋਨ ਦੀ ਕਮੀ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਪੜਾਈ ਦਾ ਬਹੁਤ ਨੁਕਸਾਨ ਹੋ ਰਿਹਾ ਸੀ। ਹੁਣ ਇਸ ਫੋਨ ਦੇ ਮਿਲਣ ਨਾਲ ਉਹ ਆਪਣੇ ਅਧੂਰੇ ਸੁਫਨੇ ਪੂਰੇ ਕਰ ਸਕਦੀ ਹੈ। ਮੁੱਖ ਮੰਤਰੀ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਹਰ ਮੱਦਦ ਕੀਤੀ ਜਾਵੇਗੀ।