ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਆਪ ਦੇ ਮੰਤਰੀ ਬਲਕਾਰ ਸਿੰਘ ਦੀ ਜਾਨ ਕੁੜਿੱਕੀ ‘ਚ ਫਸਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਇਤਰਾਜ਼ਯੋਗ ਵੀਡੀਓ ਬਾਰੇ ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੀ ਮੈਦਾਨ ‘ਚ ਆ ਗਏ ਹਨ। ਇਸ ਸੰਬਧੀ ਉਨ੍ਹਾਂ ਨੇ ਪੰਜਾਬ ਦੇ ਗਵਰਨਰ ਨੂੰ ਲਿਖਿਆ ਹੈ। ਜੇ ਮੰਤਰੀ ‘ਤੇ ਲਾਏ ਹੋਏ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਸ ਵਾਰ ਉਸ ਮੰਤਰੀ ‘ਤੇ ਢੁੱਕਵੀਂ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਸੰਬੰਧੀ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਦੇ ਐਕਸ ਪਲੇਟਫਾਰਮ ‘ਤੇ ਟਵੀਟ ਕਰਕੇ ਕਿਹਾ ਕਿ, “ਮੈਂ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਇੱਕ ਹੋਰ ‘ਆਪ’ ਮੰਤਰੀ ਦੇ ਖਿਲਾਫ ਲਗਾਏ ਗਏ ਨੈਤਿਕ ਗਿਰਾਵਟ ਦੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਸ਼ੁਰੂ ਕਰਨ ਲਈ ਬੇਨਤੀ ਪੱਤਰ ਲਿਖ ਰਿਹਾ ਹਾਂ। ਮੇਰੀ ਅਪੀਲ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ,ਤਾਂ ਇਸ ਵਾਰ ਢੁੱਕਵੀਂ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਭਗਵੰਤ ਮਾਨ ਸਰਕਾਰ ਦੇ ਪਹਿਲਾ ਅਜਿਹੇ ਹੀ ਇਕ ਮੰਤਰੀ ਦੇ ਮਾਮਲੇ ਵਿਚ ਦਿਖਾਈ ਦਿੱਤੇ ਹੰਕਾਰੀ, ਗੈਰ-ਕਾਨੂੰਨੀ ਅਤੇ ਗੈਰ-ਜ਼ਿੰਮੇਵਾਰਾਨਾ ਵਿਹਾਰ ਵਾਲੀ ਗੱਲ ਦੁਹਰਾਈ ਨਾ ਜਾ ਸਕੇ ਅਤੇ ਸਰਕਾਰ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਜਾ ਸਕੇ।”


ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੰਤਰੀ ਬਲਕਾਰ ਸਿੰਘ ਦੀ ਇੱਕ ਇਤਰਾਜ਼ਯੋਗ ਵੀਡੀਓ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀ ਸੀ, ਉਹਨਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਦੇ ਹੁਕਮ ਦਿੱਤੇ ਜਾਣ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ। ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਬਲਕਾਰ ਸਿੰਘ ਅਤੇ ਆਪ ਦੇ ਹੋਰ ਮੰਤਰੀ ਜੋ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹਨ, ਉਹਨਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ।