ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਹਰਿਆਣਾ ਸਰਕਾਰ ਨੇ ਸੂਬੇ ‘ਚ ਵੱਡੀ ਪੱਧਰ ‘ਤੇ ਡੇਰਾ ਪ੍ਰੇਮੀਆਂ ਦੀਆਂ ਵੱਡੇ ਪੱਧਰ ‘ਤੇ ਵੋਟਾਂ ਬਣਨ ਤੋਂ ਬਾਅਦ ਘਬਰਾਇਆਂ ਹੋਇਆਂ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਹਰਿਆਣਾ ਸਰਕਾਰ ਵੋਟਾਂ ਰੱਦ ਕਰਨ ਦੀ ਵਜ੍ਹਾ ਸਕੂਲੀ ਪ੍ਰੀਖਿਆਵਾਂ ਦੱਸ ਰਹੀ ਹੈ, ਜੇਕਰ ਸੂਤਰਾਂ ਦੀ ਮੰਨੀਏ ਤਾਂ ਇਹ ਕਦਮ ਉਸ ਸਮੇਂ ਚੁੱਕਿਆ ਗਿਆ ਜਦੋਂ ਵੱਡੀ ਪੱਧਰ ‘ਤੇ ਇਹ ਖਬਰਾਂ ਨਸ਼ਰ ਹੋਣ ਲੱਗ ਪਈਆਂ ਕਿ ਡੇਰਾ ਪ੍ਰੇਮੀਆਂ ਨੇ ਇਨ੍ਹਾਂ ਚੋਣਾਂ ‘ਚ ਹਿੱਸਾ ਲੈਣ ਲਈ ਵੱਡੀ ਪੱਧਰ ‘ਤੇ ਹਰਿਆਣੇ ‘ਚ ਵੋਟਾਂ ਬਣਾ ਲਈਆਂ ਹਨ, ਇਹ ਸਾਰਾ ਮਾਮਲਾ ਉਜਾਗਰ ਹੋਣ ਤੋਂ ਬਾਅਦ ਪੰਜਾਬ ‘ਚ ਇਸ ਦਾ ਤਿੱਖਾ ਪ੍ਰਤੀਕਰਮ ਦੇਖਣ ਨੂੰ ਮਿਲਿਆ। ਸਭ ਤੋਂ ਪਹਿਲਾਂ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ ਅਨੁਸਾਰ ਜਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਜਿਹੜੀਆਂ ਵੋਟਰ ਸੂਚੀਆਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਾਹਮਣੇ ਆਈਆਂ ਤਾਂ ਹਰ ਪਿੰਡ ਪੱਧਰ ‘ਤੇ ਸਿੱਖਾਂ ਵੱਲੋਂ ਵੋਟਰ ਸੂਚੀ ਦਾ ਨਿਰੀਖਣ ਕੀਤਾ ਗਿਆ ਤਾਂ ਹਰ ਵੋਟਰ ਸੂਚੀ ‘ਚ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਸਾਹਮਣੇ ਆਈਆਂ। ਜਿਸ ਨੂੰ ਲੈ ਕੇ ਹਰਿਆਣਾ ਵਿਚ ਐਸ ਡੀ ਐਮ ਅਤੇ ਇਸ ਨਾਲ ਸੰਬੰਧਿਤ ਹੋਰ ਅਧਿਕਾਰੀਆਂ ਖਿਲਾਫ ਸ਼ਿਕਾਇਤਾਂ ਹੋਣ ਲੱਗੀਆਂ।
ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਹਾ ਕਿ ਸੂਚੀਆਂ ਵਿਚ ਗੈਰ ਸਿੱਖਾਂ ਸਮੇਤ ਕਈ ਬੇਨਿਯਮੀਆਂ ਹਨ ਤੇ ਵੋਟਰ ਸੂਚੀਆਂ ਵਿਚ ਵੋਟਰਾਂ ਦੀਆਂ ਤਸਵੀਰਾਂ ਵੀ ਨਹੀਂ ਹਨ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਸਿਆਸੀ ਪਾਰਟੀਆਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਹੀ ਜਾਰੀ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਕੋਈ ਵਿਵਸਥਾ ਨਹੀਂ ਕੀਤੀ ਗਈ ਤੇ ਅਜਿਹਾ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ ਤੇ ਇਸਨੂੰ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ਼ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।