ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਸੱਦੇ ਨੂੰ ਤੋਂ ਬਾਅਦ ਕਿਸਾਨਾਂ ਦੇ ਮਸਲਿਆਂ ਦੇ ਹੱਲ ਵਾਸਤੇ ਕੇਂਦਰ ਸਰਕਾਰ ਨੇ 12 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਸੱਦ ਲਈ ਹੈ। ਕੇਂਦਰ 13 ਫਰਵਰੀ ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਦੀ ਆਖਰੀ ਵਾਰ ਫੇਰ ਕੋਸ਼ਿਸ਼ ਕਰ ਰਹੀ ਹੈ।
ਇਹ ਮੀਟਿੰਗ 12 ਫਰਵਰੀ ਨੂੰ ਸ਼ਾਮ 5.00 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਪੰਜਾਬ, ਸੈਕਟਰ 26 ਵਿਖੇ ਹੋਵੇਗੀ। ਜਿਸ ‘ਚ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਫੂਡ ਸਪਲਾਈ ਮੰਤਰੀ ਪਿਯੂਸ਼ ਗੋਇਲ ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ਼ਾਮਲ ਹੋਣਗੇ। ਸੰਯੁਕਤ ਕਿਸਾਨ ਮੋਰਚੇ (ਨਾਨ ਪੋਲੀਟਿਕਲ) ਅਤੇ ਹੋਰ ਕਿਸਾਨ ਨੁਮਾਇੰਦਿਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀਆਂ ਨੇ ਐਸ.ਕੇ.ਐਮ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਨੇ ਵੀ ਦੇਰ ਰਾਤ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ। ਪਰ ਹਰਿਆਣਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਕਿਸਾਨ ਨਾਰਾਜ਼ ਹਨ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਹਰਿਆਣਾ ਸਰਕਾਰ ਦੀਆਂ ਗਤੀਵਿਧੀਆਂ ਦਾ ਵਿਰੋਧ ਕਰ ਰਹੇ ਹਨ।
ਸਰਵਣ ਸਿੰਘ ਪੰਧੇਰ ਅਨੁਸਾਰ ਕੇਂਦਰ ਨੇ ਹਰਿਆਣਾ ਸਰਕਾਰ ਨੂੰ ਗੱਲਬਾਤ ਦੌਰਾਨ ਅਜਿਹੇ ਕਦਮ ਚੁੱਕਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਇੰਟਰਨੈੱਟ ਸੇਵਾਵਾਂ ਬੰਦ ਕਰਨਾ ਵੀ ਅਣਮਨੁੱਖੀ ਹੈ। ਕਿਸਾਨ ਜਥੇਬੰਦੀਆਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਸਮੁੱਚੇ ਦੇਸ਼ ਦੇ ਆਗੂਆਂ ਨੂੰ 13 ਫਰਵਰੀ ਨੂੰ ਦਿੱਲੀ ਆਉਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਮਾਰਚ ਸ਼ਾਂਤਮਈ ਹੋਵੇਗਾ। ਅਸੀਂ ਉਦੋਂ ਤੱਕ ਡਟੇ ਰਹਾਂਗੇ ਜਦੋਂ ਤੱਕ ਕੇਂਦਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦਾ।