ਦਾ ਐਡੀਟਰ ਨਿਊਜ਼, ਮੋਹਾਲੀ —- ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੱਲ ਰਹੀ ਲਟਕਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਪੰਜਾਬ ਦੀ ਨੌਜੁਆਨੀ ਤੇ ਹਰਿਆਣਾ ਪੁਲਿਸ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਬੇਤਹਾਸ਼ਾ ਤਸ਼ੱਦਦ ਕਰਨਾ ਹੰਝੂ ਗੈਸ ਛੱਡਕੇ ਜ਼ਖਮੀ ਕਰਨਾ ਬੇਹੱਦ ਦੁੱਖਦਾਈ ਪਹਿਲੂ ਹੈ ਜਿਸ ਦੀ ਸ੍ਰੌਮਣੀ ਅਕਾਲੀ ਦਲ ਸਖਤ ਨਿੰਦਿਆ ਕਰਦਾ ਹੈ।
ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਆਪਣੇ ਹੀ ਦੇਸ ਦੇ ਨਾਗਰਿਕ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਸਲੂਕ ਕਰਨ ਦੀ ਜਗ੍ਹਾ ਉਹਨਾਂ ਦੀਆ ਮੰਗਾਂ ਵੱਲ ਧਿਆਨ ਦੇਵੇ।
ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਲਾਗੂ ਕਰਨ ਦੀ ਅਪੀਲ ਕੀਤੀ। ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਹਰ ਕਿਸੇ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਨੂੰ ਕਿਸੇ ਵੀ ਰਾਜ ਜਾਂ ਕੇਂਦਰ ਸਰਕਾਰ ਦੁਆਰਾ ਕੁਚਲਿਆ ਨਹੀਂ ਜਾਣਾ ਚਾਹੀਦਾ।