ਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਠੋਕਿਆ 1.72 ਕਰੋੜ ਜੁਰਮਾਨਾ
ਜਲੰਧਰ- ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਦੀਆਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ ਹੁਣ ਤੱਕ 35843 ਲੋਕਾਂ ਦੇ ਚਲਾਨ ਕਰਕੇ 1.72 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਸਕ ਨਾ ਪਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁਣ ਤੱਕ 35843 ਲੋਕਾਂ ਨੂੰ 1,72,67,100 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 46 ਵਿਅਕਤੀਆਂ ਨੂੰ 86000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਹੁਣ ਤੱਕ 56536 ਟਰੈਫਿਕ ਚਲਾਨ ਕਰਕੇ 2391 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 79 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.57 ਲੱਖ ਰੁਪਏ ਅਤੇ 36 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 18000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 237 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 4.86 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 127 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 198 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 99000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।