– ਕਿਹਾ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਮਾਨਸਾ ਵਿਚ ਮੈਡੀਕਲ ਕਾਲਜ ਯਕੀਨੀ ਸਥਾਪਿਤ ਕੀਤਾ ਜਾਵੇਗਾ
ਐਡੀਟਰ ਨਿਊਜ਼, ਮਾਨਸਾ —- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਦਿੱਲੀ ਵਾਂਗੂ ਪੰਜਾਬ ਵਿਚ ਵੀ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਮਹੀਨਿਆਂ ਤੋਂ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਜਦੋਂ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਮਾਨਸਾ ਵਿਚ ਮੈਡੀਕਲ ਕਾਲਜ ਜ਼ਰੂਰ ਸਥਾਪਿਤ ਕੀਤਾ ਜਾਵੇਗਾ ਤੇ ਉਹਨਾਂ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦਾ ਵਾਅਦਾ ਕਰਨ ਅਤੇ ਫਿਰ ਵਾਅਦੇ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਿਚ ਦੋ ਲੱਖ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ, ਕਿਤਾਬਾਂ ਤੇ ਸਟੇਸ਼ਨਰੀ ਨਹੀਂ ਮਿਲੀ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰੀ ਹੋਣ ਦੇ ਬਾਵਜੂਦ ਅਸਤੀਫਾ ਨਹੀਂ ਦਿੱਤਾ ਅਤੇ ਸਿੱਖਿਆ ਤੇ ਸਿਹਤ ਸੇਵਾਵਾਂ ਅਤੇ ਵੱਖ-ਵੱਖ ਪ੍ਰਾਜੈਕਟ ਪੰਜਾਬ ਵਿਚ ਵੀ ਪ੍ਰਭਾਵਤ ਹੋ ਰਹੇ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਮਹੀਨਿਆਂ ਤੋਂ ਜ਼ਰੂਰੀ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਵੱਖ-ਵੱਖ ਪ੍ਰਾਜੈਕਟਾਂ ਵਾਸਤੇ ਐਨ ਓ ਸੀ ਇਸੇ ਕਰ ਕੇ ਰੁਕੀ ਹੋਈ ਹੈ ਕਿਉਂਕਿ ਭਗਵੰਤ ਮਾਨ ਮਨਜ਼ੂਰੀ ਨਹੀਂ ਦੇ ਰਹੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਦੇ ਭੁੱਖੇ ਇਹਨਾਂ ਸਿਆਸਤਦਾਨਾਂ ਨੂੰ ਸਜ਼ਾ ਜ਼ਰੂਰ ਦੇਣ ਅਤੇ ਕਿਹਾ ਕਿ ਪੰਜਾਬ ਵਿਚ ਹਾਲਾਤ ਅਜਿਹੇ ਬਣ ਗਏ ਹਨ ਕਿ ਪਹਿਲੀ ਵਾਰ ਸਿੱਖਿਆ ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਨਖਾਹ 25 ਅਪ੍ਰੈਲ ਤੱਕ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਇਕ ਹਜ਼ਾਰ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕ ਦਿੱਤੇ ਹਨ ਅਤੇ ਸੈਂਕੜੇ ਕਰੋੜ ਰੁਪਏ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਪ੍ਰਾਈਵੇਟ ਜੈਟ ਕਿਰਾਏ ’ਤੇ ਲੈਣ ’ਤੇ ਫੂਕ ਦਿੱਤੇ ਹਨ ਤਾਂ ਜੋ ਉਹ ਦੇਸ਼ ਭਰ ਵਿਚ ਚੋਣ ਪ੍ਰਚਾਰ ਕਰ ਸਕਣ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਮਾਲੀਆ ਪੈਦਾ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਵੀ ਸਰਕਾਰ ਨੇ 2500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਆਪ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਹ ਆਬਕਾਰੀ ਮਾਲੀਏ ਦੇ ਨਾਲ-ਨਾਲ ਮਾਇਨਿੰਗ ਤੋਂ ਹੁੰਦੀ ਆਮਦਨ ਵਿਚ ਵਾਧਾ ਕਰਨਗੇ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹਨਾਂ ਨੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਘੁਟਾਲਾ ਕੀਤਾ ਅਤੇ ਆਪਣੇ ਵਿਧਾਇਕਾਂ ਨੂੰ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਗੈਰ ਕਾਨੂੰਨੀ ਮਾਇਨਿੰਗ ਕਰਨ ਵਾਸਤੇ ਉਤਸ਼ਾਹਿਤ ਕੀਤਾ।
ਸਰਦਾਰ ਬਾਦਲ ਨੇ ਕਿਹਾ ਕਿ ਇਸ ਸਾਰੇ ਮਾੜੇ ਹਾਲਾਤ ਨੂੰ ਖ਼ਤਮ ਕਰਨ ਦਾ ਇਕੋ ਇਲਾਜ ਹੈ ਕਿ ਆਪ ਤੇ ਕਾਂਗਰਸ ਦੋਵਾਂ ਪਾਰਟੀਆਂ ਨੂੰ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਠੁਕਰਾਇਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਸਰਕਾਰ ਸਥਾਪਿਤ ਕੀਤੀ ਜਾਵੇਗੀ ਕਿਉਂਕਿ ਅਕਾਲੀ ਦਲ ਹੀ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਲਈ ਸਭ ਤੋਂ ਪਹਿਲਾਂ ਕੰਮ ਕਰੇਗੀ ਅਤੇ ਪੰਜਾਬ ਤੇ ਪੰਜਾਬੀਆਂ ਦੇ ਸਾਰੇ ਲਟਕਦੇ ਮਸਲੇ ਹੱਲ ਕਰੇਗੀ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਪ੍ਰੇਮ ਅਰੋੜਾ, ਡਾ. ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜੇ, ਸਰਬਜੀਤ ਸਿੰਘ ਝਿੰਕਜਰ, ਗੁਰਪ੍ਰੀਤ ਸਿੰਘ ਝੱਬਰ ਤੇ ਗੁਰਪਾਲ ਠੇਕੇਦਾਰ ਵੀ ਮੌਜੂਦ ਸਨ।