ਦਾ ਐਡੀਟਰ ਨਿਊਜ਼, ਨਵੀਂ ਦਿਲੀ ——– ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਸੜਕ ਨੂੰ ਬੰਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਹੋਈ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਪੰਜਾਬ ਸਰਕਾਰ ਨੂੰ ਹੀ ਮੁਸੀਬਤ ਵਿੱਚ ਪਾ ਦਿੱਤਾ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਜਿਸ ਤਰ੍ਹਾਂ ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਮਰਡਰ ਮਾਮਲੇ ਵਿੱਚ ਉਸ ਦੀ ਸਿਕਿਉਰਟੀ ਹਟਾਏ ਜਾਣ ਕਾਰਨ ਉਸ ਦਾ ਕਤਲ ਹੋ ਗਿਆ ਹੈ, ਇਸੇ ਤਰ੍ਹਾਂ ਜੇਕਰ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਸੜਕ ਨੂੰ ਖੋਲ੍ਹ ਦਿੱਤਾ ਗਿਆ ਤਾਂ ਮੁੱਖ ਮੰਤਰੀ ਦੇ ਨਿਵਾਸ ਤੇ ਆਰਪੀਜੀ ਦਾ ਅਟੈਕ ਹੋ ਸਕਦਾ ਹੈ। ਇਹ ਪਹਿਲੀ ਵਾਰੀ ਹੈ ਕਿ ਪੰਜਾਬ ਸਰਕਾਰ ਨੇ ਅਧਿਕਾਰਤ ਤੌਰ ਤੇ ਇਹ ਗੱਲ ਮੰਨ ਲਈ ਹੈ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਸ ਦੀ ਸਿਕਿਉਰਟੀ ਨੂੰ ਹਟਾਉਣ ਕਰਕੇ ਹੀ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਸੜਕ ਨੂੰ ਖੋਲ੍ਹਣ ਦੇ ਆਦੇਸ਼ ਦਿੱਤੇ ਸਨ ਅਤੇ ਇਹਨਾਂ ਆਦੇਸ਼ਾਂ ਦੇ ਖਿਲਾਫ ਪੰਜਾਬ ਸਰਕਾਰ ਸੁਪਰੀਮ ਕੋਰਟ ਗਈ ਸੀ। “ਲਾਈਵ ਲਾਅ” ‘ਤੇ ਛਪੀ ਇਸ ਖਬਰ ਨੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲੈ ਆਂਦਾ ਹੈ ਅਤੇ ਚੋਣਾਂ ਵਿੱਚ ਇਹ ਮਾਮਲਾ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਲਈ ਸਿਰਦਰਦੀ ਦਾ ਸਬੱਬ ਬਣ ਸਕਦਾ ਹੈ ਕਿਉਂਕਿ ਪਹਿਲਾਂ ਹੀ ਕਈ ਵਾਰ ਸਰਕਾਰ ਤੇ ਇਹ ਸਵਾਲ ਉੱਠਦਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਵੱਲੋਂ ਸਿਕਿਉਰਟੀ ਹਟਾਏ ਜਾਣ ਕਰਕੇ ਹੀ ਹੋਇਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕੇਂਦਰ ਸਰਕਾਰ ਦੇ ਵਕੀਲ ਤੁਸ਼ਾਰ ਮਹਿਤਾ ਨੇ ਵੀ ਪੰਜਾਬ ਸਰਕਾਰ ਦਾ ਪੱਖ ਲੈਂਦੇ ਆਂ ਕਿਹਾ ਹੈ ਕਿ ਪੰਜਾਬ ਵਿੱਚ ਆਰਪੀ ਜੀ ਦੇ ਅਟੈਕ ਹੋ ਰਹੇ ਹਨ।
ਇੱਥੇ ਹੀ ਨਹੀਂ ਪੰਜਾਬ ਸਰਕਾਰ ਦੇ ਵਕੀਲ ਨੇ ਇਹ ਵੀ ਗੱਲ ਮੰਨ ਲਈ ਹੈ ਕਿ ਪੰਜਾਬ ਵਿੱਚ ਹਾਲਾਤ ਠੀਕ ਨਹੀਂ ਹੈ ਅਤੇ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਪੰਜਾਬ ਵਿੱਚ ਅੱਤਵਾਦੀ ਅਟੈਕ ਹੋ ਰਹੇ ਹਨ ਇਸ ਗੱਲ ਨੂੰ ਲੈ ਕੇ ਵੀ ਪੰਜਾਬ ਸਰਕਾਰ ਘੇਰੇ ਵਿੱਚ ਆ ਸਕਦੀ ਹੈ।
ਜ਼ਿਕਰਯੋਗ ਹੈ ਕਿ ਅੱਜ ਚੰਡੀਗੜ੍ਹ ਦੇ ਸੈਕਟਰ 2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਬੰਦ ਕੀਤੀ ਸੜਕ ਨੂੰ ਖੋਲ੍ਹਣ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਸੜਕ ਖੋਲ੍ਹਣ ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਪੰਜਾਬ ਸਰਕਾਰ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਪੰਜਾਬ ਦਾ ਮਾਹੌਲ ਇਸ ਵੇਲੇ ਠੀਕ ਨਹੀਂ ਹੈ। ਇਸ ਲਈ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਸੜਕ ਨੂੰ ਖੋਲ੍ਹਣਾ ਠੀਕ ਨਹੀਂ ਹੈ। ਜੇਕਰ ਇਹ ਸੜਕ ਖੁੱਲ੍ਹ ਜਾਂਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਖਤਰਾ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਇਸ ਸੜਕ ਨੂੰ 1 ਮਈ ਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲ੍ਹਣ ਦੇ ਹੁਕਮ ਦਿੱਤੇ ਸਨ। ਇਸ ਦੇ ਲਈ ਪੰਜਾਬ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸਿੱਧੂ ਮੂਸੇਵਾਲਾ ਦੇ ਕੇਸ ‘ਚ ਸਾਰੇ ਜਾਣਦੇ ਹਨ ਕਿ ਜਦੋਂ ਉਸ ਦੀ ਸੁਰੱਖਿਆ ਹਟਾ ਦਿੱਤੀ ਸੀ ਤਾਂ ਕੀ ਹੋਇਆ ਸੀ। ਇਸ ਮਾਮਲੇ ‘ਚ ਵੀ ਜਿਸ ਸੜਕ ਨੂੰ ਖੋਲ੍ਹਿਆ ਜਾਣਾ ਹੈ ਉੱਥੋਂ ਸੀ ਐਮ ਰਿਹਾਇਸ਼ ਸਿਰਫ 30 ਮੀਟਰ ਦੀ ਦੂਰੀ ‘ਤੇ ਹੈ ਅਤੇ ਇਸ ਵਿਚਾਲੇ ਸਿਰਫ ਦਰੱਖਤਾਂ ਅਤੇ ਪੱਤਿਆਂ ਵਾਲੀਆਂ ਵੇਲਾਂ ਦੀ ਹੀ ਇੱਕ ਪੱਟੀ ਹੈ।
ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਹਾਈਕੋਰਟ ਦਾ ਮੰਨਣਾ ਸੀ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ‘ਤੇ ਟ੍ਰੈਫਿਕ ਜਾ ਸਕਦਾ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰੋਂ ਆਵਾਜਾਈ ਕਿਉਂ ਰੋਕੀ ਗਈ ਹੈ। ਅਦਾਲਤ ਨੇ ਖੁਦ ਇਸ ਦਾ ਨੋਟਿਸ ਲਿਆ ਸੀ।