ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਦੀ ਸੱਤਾਧਾਰੀ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਤਿੰਨ ਆਜ਼ਾਦ ਵਿਧਾਇਕਾਂ ਨੇ ਸੂਬੇ ਦੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਣ ਦਾ ਐਲਾਨ ਕੀਤਾ ਹੈ।
ਸੋਮਬੀਰ ਸਾਂਗਵਾਨ, ਰਣਧੀਰ ਗੋਲਨ ਅਤੇ ਧਰਮਪਾਲ ਗੌਂਡਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਚੋਣਾਂ ਦੌਰਾਨ ਕਾਂਗਰਸ ਨੂੰ ਸਮਰਥਨ ਦੇਣਗੇ। ਵਿਧਾਇਕਾਂ ਨੇ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈਂਦਿਆਂ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਮੁੱਦਾ ਉਠਾਇਆ ਹੈ।
ਹਰਿਆਣਾ ਵਿੱਚ ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਸਰਕਾਰ ਤੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਤਿੰਨਾਂ ਵਿਧਾਇਕਾਂ ਨੇ ਲੋਕ ਭਾਵਨਾਵਾਂ ਅਨੁਸਾਰ ਫੈਸਲਾ ਲਿਆ ਹੈ। ਕਾਂਗਰਸ ਦੀ ਲਹਿਰ ਚੱਲ ਰਹੀ ਹੈ ਅਤੇ ਉਹ ਵੀ ਇਸ ਲਹਿਰ ਵਿੱਚ ਆਪਣਾ ਯੋਗਦਾਨ ਪਾਉਣਗੇ।