– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਲਈ ਵਚਨਬੱਧ
– ਗ੍ਰਿਫ਼ਤਾਰ ਦੋਸ਼ੀ ਜਸਵਿੰਦਰ ਮੁਨਸ਼ੀ ਨੇ ਚਰਚ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਦਾ ਦੋਸ਼ ਕਬੂਲਿਆ: ਡੀਜੀਪੀ ਗੌਰਵ ਯਾਦਵ
– ਪੁਲਿਸ ਟੀਮਾਂ ਗੁਰਵਿੰਦਰ ਅਫ਼ਰੀਦੀ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ
ਦਾ ਐਡੀਟਰ ਨਿਊਜ਼, ਚੰਡੀਗੜ੍ਹ/ਅੰਮ੍ਰਿਤਸਰ —– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖੁਫੀਆ ਸੂਹ ‘ਤੇ ਕਾਰਵਾਈ ਕਰਦਿਆਂ 2022 ਦੇ ਤਰਨ ਤਾਰਨ ਚਰਚ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਉਰਫ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੇ ਕਬਜ਼ੇ ‘ਚੋਂ ਗੈਰ-ਕਾਨੂੰਨੀ 9ਐਮਐਮ ਪਿਸਤੌਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਵੀ ਜ਼ਬਤ ਕੀਤਾ ਹੈ।
ਜਾਣਕਾਰੀ ਅਨੁਸਾਰ 31 ਅਗਸਤ, 2022 ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਦੇ ਚਰਚ ਵਿੱਚ ਚਾਰ ਅਣਪਛਾਤੇ ਵਿਅਕਤੀਆਂ ਨੇ ਭਗਵਾਨ ਯਿਸੂ ਅਤੇ ਮਾਤਾ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾ ਕੇ ਫ਼ਰਾਰ ਹੋ ਗਏ ਸਨ। ਇਸ ਘਟਨਾ ਦੇ ਸਬੰਧ ਵਿੱਚ ਐਫ.ਆਈ.ਆਰ ਨੰ. 148 ਮਿਤੀ 31-8-2022 ਨੂੰ ਤਰਨਤਾਰਨ ਦੇ ਥਾਣਾ ਸਦਰ ਪੱਟੀ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 295-ਏ, 452, 427, ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਜਸਵਿੰਦਰ ਮੁਨਸ਼ੀ ਨੇ ਖੁਲਾਸਾ ਕੀਤਾ ਕਿ ਅਗਸਤ 2022 ਵਿੱਚ ਉਸ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਾਸੀ ਪਿੰਡ ਤੂਤ, ਤਰਨਤਾਰਨ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਚਰਚ ਵਿੱਚ ਬੇਅਦਬੀ ਕੀਤੀ ਸੀ ਅਤੇ ਪਾਦਰੀ ਦੀ ਕਾਰ ਨੂੰ ਵੀ ਅੱਗ ਲਾ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਹ ਮਿਲੀ ਸੀ ਕਿ ਮੁਲਜ਼ਮ ਜਸਵਿੰਦਰ ਉਰਫ਼ ਮੁਨਸ਼ੀ ਆਪਣੇ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ‘ਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਹੈ। ਇਸ ਸੂਹ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਵਿਅਕਤੀ ਨੂੰ ਇਕ ਪਿਸਤੌਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਚਰਚ ਦੀ ਬੇਅਦਬੀ ਵਿੱਚ ਸ਼ਾਮਲ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਅਤੇ ਦੋ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰ. 71 ਮਿਤੀ 09/06/2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਚਾਟੀਵਿੰਡ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।