ਹੁਸ਼ਿਆਰਪੁਰ- ਪੰਜਾਬ ਦੇ ਤਕਨੀਕੀ ਸਿੱਖਿਆ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਖੇਤੀਬਾੜੀ ਨਿਰੋਲ ਸੂਬਿਆਂ ਦਾ ਵਿਸ਼ਾ ਹੈ ਜਿਸ ਵਿੱਚ ਕੇਂਦਰ ਨੂੰ ਬੇਵਜ੍ਹਾ ਦਖਲ ਨਹੀਂ ਦੇਣਾ ਚਾਹੀਦਾ ਕਿਉਂਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਦੇਸ਼ ਦੀ ਕਿਸਾਨੀ ’ਤੇ ਜ਼ਬਰੀ ਥੋਪ ਕੇ ਕਿਸਾਨਾਂ ਨੂੰ ਖੱਜਲ ਕਰ ਰਹੀ ਹੈ ਜਦਕਿ ਦੇਸ਼ ਪੱਧਰੀ ਰੋਹ ਦੇ ਮੱਦੇਨਜ਼ਰ ਇਹ ਮਾੜੇ ਕਾਨੂੰਨ ਫੌਰੀ ਰੱਦ ਹੋਣੇ ਚਾਹੀਦੇ ਹਨ। 72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਭਾਸ਼ਣ ਵਿੱਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨ ਦਾਤੇ ਨੂੰ ਇੰਝ ਸੜਕਾਂ ’ਤੇ ਖੁਆਰ ਨਾ ਕਰਕੇ ਕਿਸਾਨੀ ਮੰਗਾਂ ਨੂੰ ਮੰਨਦਿਆਂ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਆਪਹੁਦਰੀਆਂ ਕਰਕੇ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਹੋ ਰਿਹਾ ਹੈ ਜਿਸ ਨੂੰ ਠੱਲ ਪਾਉਣੀ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਮੁੱਦਿਆਂ ਨੂੰ ਲਟਕਾਉਣ ਦੀ ਬਜਾਏ ਕਿਸਾਨੀ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ ਜਿਸ ਦਾ ਸਬੂਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਤੋਂ ਸਹਿਜੇ ਹੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਕਰਜਾ ਮੁਆਫੀ ਸਕੀਮ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਇਸ ਸਕੀਮ ਤਹਿਤ ਹੁਣ ਤੱਕ ਛੋਟੇ ਅਤੇ ਦਰਮਿਆਨੇ 5.63 ਲੱਖ ਦੇ ਕਰੀਬ ਕਿਸਾਨਾਂ ਦਾ ਲਗਭਗ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਜਿਸ ਤਹਿਤ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 500 ਕਰੋੜ ਰੁਪਏ ਦੀ ਲਾਗਤ ਵਾਲੇ ਸੈਰ-ਸਪਾਟੇ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਸੈਰ-ਸਪਾਟੇ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਅਤੇ ਵਿਰਾਸਤੀ ਥਾਵਾਂ ਦੇ ਮੁਹਾਂਦਰੇ ਨੂੰ ਹੋਰ ਖੂਬਸੂਰਤ ਦਿੱਖ ਪ੍ਰਦਾਨ ਕਰਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਵਾਲੀਆਂ ਥਾਵਾਂ ਦਾ ਲੋੜੀਂਦਾ ਵਿਕਾਸ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਸਰਹੰਦ ਵਿਖੇ ਫਲੋਟਿੰਗ ਰੈਸਟੋਰੈਂਟ ਸਬੰਧੀ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਨਵਾਂ ਹਾਈਵੇਅ ਬਨਣ ਕਾਰਨ ਫਲੋਟਿੰਗ ਰੈਸਟੋਰੈਂਟ ਵਾਲੀ ਪਹੁੰਚ ਸੜਕ ਦੇ ਕੰਮ ਕਾਰਨ ਇਸ ਦਾ ਵਿਕਾਸ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫਲੋਟਿੰਗ ਰੈਸਟੋਰੈਂਟ ਨੂੰ ਮੁੜ ਆਮ ਲੋਕਾਂ ਵਿਸ਼ੇਸ਼ਕਰ ਰਾਹਗੀਰਾਂ ਦੀ ਖਿੱਚ ਦਾ ਕੇਂਦਰ ਬਣਾਇਆ ਜਾ ਰਿਹਾ ਹੈ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ‘ਮੀਨਾਰ-ਏ-ਬੇਗਮਪੁਰਾ’ ਸਬੰਧੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯਾਦਗਾਰ ਲਈ 103 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਯਾਦਗਾਰ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਸਤੰਬਰ ਮਹੀਨੇ ਤੱਕ ਇਹ ਪ੍ਰੋਜੇਕਟ ਮੁਕੰਮਲ ਕਰ ਲਿਆ ਜਾਵੇਗਾ। ਪੰਜਾਬ ਦੇ ਪੋਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਵਿੱਚ ਵੱਖ-ਵੱਖ ਤਰ੍ਹਾਂ ਦੇ ਸਟਾਫ਼ ਦੀਆਂ ਨਿਯੁਕਤੀਆਂ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੋਲੀਟੈਕਨਿਕਾਂ ਵਿੱਚ ਲਗਭਗ ਸਾਰਾ ਸਟਾਫ਼ ਮੁਹੱਈਆ ਹੋ ਚੁੱਕਾ ਹੈ ਜਦਕਿ ਆਈ.ਟੀ.ਆਈਜ਼ ਵਿੱਚ ਲੋੜੀਂਦੀਆਂ ਆਸਾਮੀਆਂ ਦੀ ਪੂਰਤੀ ਲਈ ਸਰਕਾਰ ਨੂੰ ਲਿਖਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਭਰਤੀ ਪ੍ਰਕ੍ਰਿਆ ਨੂੰ ਅਮਲ ਵਿੱਚ ਲਿਆਉਂਦਿਆਂ ਇਹ ਸਾਰੀਆਂ ਆਸਾਮੀਆਂ ਪੁਰ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਜ਼ਿਲ੍ਹਾ ਸੈਸ਼ਨ ਜੱਜ ਅਮਰਜੋਤ ਭੱਟੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਮੌਜੂਦ ਸਨ।