– ਹਰਿਆਣਾ, ਆਹਰ ਕੂਟ, ਮਾਣਕ ਢੇਰੀ, ਕੰਗ ਮਾਈ ‘ਚ ਬਾਰਦਾਨੇ ਦੀ ਸਮੱਸਿਆ ਦੇ ਤੁਰੰਤ ਹੱਲ ਅਤੇ ਲਿਫਟਿੰਗ ਤੇਜ਼ ਕਰਵਾਉਣ ਦੇ ਨਿਰਦੇਸ਼
– ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ
ਦਾ ਐਡੀਟਰ ਨਿਊਜ਼, ਸ਼ਾਮਚੁਰਾਸੀ —— ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਥਾਨਕ ਸ਼ਾਮਚੁਰਾਸੀ, ਕੰਗਮਾਈ ,ਹਰਿਆਣਾ, ਆਹਰ ਕੁੰਟ ,ਲ ਅਤੇ ਮਾਣਕਢੇਰੀ ਮੰਡੀਆਂ ਦਾ ਦੌਰਾ ਕਰਕੇ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲਿਆ ।
ਇਨ੍ਹਾਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸੁਚੱਜੀ ਅਤੇ ਸੁਖਾਲੀ ਖਰੀਦ ਲਈ ਪੂਰੀ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਮੰਡੀਆਂ ਦੇ ਦੌਰੇ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਥਾਵਾਂ ‘ਤੇ ਲਿਫਟਿੰਗ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਸਾਹਮਣੇ ਆ ਰਹੀ ਹੈ ਜਿਸ ਨੂੰ ਤੁਰੰਤ ਹੱਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਲਿਫਟਿੰਗ ਵੀ ਪੂਰੀ ਗਤੀ ਨਾਲ ਹੋ ਸਕੇ।
ਉਨ੍ਹਾਂ ਕਿਹਾ ਕਿ ਆੜ੍ਹਤੀਆਂ ਵਲੋਂ ਰੱਖੀ ਮੰਗ ਅਨੁਸਾਰ ਮੌਸਮ ਦੀ ਖ਼ਰਾਬੀ ਦੇ ਮੱਦੇਨਜਰ ਤਰਪਾਲ਼ਾਂ ਅਤੇ ਕਰੇਟਾਂ ਦੀ ਉਪਲਬਧਤਾ ਨੂੰ ਵੀ ਯਕੀਂਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਵਚਨਬੱਧ ਹੈ ਤਾਂ ਜੋ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।
ਡਾ. ਰਵਜੋਤ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੁੱਲ ਆਮਦ 175318 ਮੀਟਰਿਕ ਟਨ ਵਿੱਚੋਂ 171876 ਮੀਟਰਿਕ ਟਨ ਖਰੀਦੀ ਜਾ ਚੁੱਕੀ ਹੈ ਅਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀਆਂ ਨੂੰ ਵੀ ਝੋਨੇ ਦੀ ਸੁਚੱਜੀ ਖਰੀਦ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜਿਲੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।