– ਫਾਇਰ ਬ੍ਰਿਗੇਡ ਦੀ ਗੱਡੀ ਨਾਲ ਤੁਰੰਤ ਬੁਝਾਈ ਅੱਗ
– ਪਰਚਾ ਦਰਜ, ਹੋਈ ਰੈੱਡ ਐਂਟਰੀ, ਨਾਲੇ ਹੋਵੇਗਾ ਭਾਰੀ ਜੁਰਮਾਨਾ
– ਡਿਪਟੀ ਕਮਿਸ਼ਨਰ ਨੇ ਕਿਹਾ! ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ
– ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਕੀਤਾ ਉਤਸ਼ਾਹਿਤ
ਦਾ ਐਡੀਟਰ ਨਿਊਜ਼, ਮੋਗਾ ——– ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜਦੋਂ ਇਹ ਪਤਾ ਲੱਗਾ ਕਿ ਪਿੰਡ ਲੋਹਗੜ੍ਹ ਵਿੱਚ ਕਿਸੇ ਕਿਸਾਨ ਵਲੋਂ ਪਰਾਲੀ ਨੀ ਅੱਗ ਲਗਾਈ ਗਈ ਹੈ ਤਾਂ ਉਹ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਨੂੰ ਨਾਲ ਲੈ ਕੇ ਖੁਦ ਕਿਸਾਨ ਦੇ ਖੇਤ ਵਿਚ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਅੱਜ ਪਿੰਡ ਲੁਹਾਰਾ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਪਿੰਡ ਲੋਹਗੜ੍ਹ ਨਾਲ ਲੱਗਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ ਕਿਸਾਨ ਉੱਤੇ ਪਰਚਾ ਦਰਜ ਕਰਕੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰ ਦਿੱਤੀ ਗਈ। ਕਾਗਜ਼ੀ ਕਾਰਵਾਈ ਹੋਣ ਉਪਰੰਤ ਇਸ ਕਿਸਾਨ ਨੂੰ ਭਾਰੀ ਜੁਰਮਾਨਾ ਵੀ ਹੋਵੇਗਾ।
ਦੱਸਣਯੋਗ ਹੈ ਕਿ ਪ੍ਰਸ਼ਾਸ਼ਨ ਦੇ ਪਹੁੰਚਣ ਦੀ ਭਿਣਕ ਪੈਣ ਉੱਤੇ ਉਸ ਖੇਤ ਦਾ ਮਾਲਕ ਕਿਸਾਨ ਅਤੇ ਉਸਦੇ ਸਾਥੀ ਮੌਕੇ ਉੱਤੋਂ ਭੱਜਣ ਵਿੱਚ ਕਾਮਯਾਬ ਹੋ ਗਏ।
ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੋਗਾ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ।
ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।
ਉਹਨਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਪਿੰਡ ਲੁਹਾਰਾ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਸ਼੍ਰੀਮਤੀ ਚਾਰੂਮਿਤਾ ਅਤੇ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ (ਦੋਵੇਂ ਵਧੀਕ ਡਿਪਟੀ ਕਮਿਸ਼ਨਰ), ਐੱਸ ਡੀ ਐੱਮ ਧਰਮਕੋਟ ਡਾਕਟਰ ਹਿਮਾਂਸ਼ੂ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।