ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਲਈ ਬੁੱਧਵਾਰ (20 ਨਵੰਬਰ) ਨੂੰ ਵੋਟਿੰਗ ਹੋਈ। ਹੁਣ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਲਈ ਚਾਰੋਂ ਸੀਟਾਂ ਲਈ 4 ਕੇਂਦਰ ਬਣਾਏ ਗਏ ਹਨ।
ਇਸ ਦੇ ਨਾਲ ਹੀ ਏਹ੍ਹ ਦੱਸ ਦਈਏ ਕਿ 20 ਨਵੰਬਰ ਬੁੱਧਵਾਰ ਸ਼ਾਮ 6 ਵਜੇ ਤੱਕ ਚਾਰੇ ਸੀਟਾਂ ‘ਤੇ 63 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਹੋਈ। ਡੇਰਾ ਬਾਬਾ ਨਾਨਕ ਵਿੱਚ 63 ਫੀਸਦੀ, ਬਰਨਾਲਾ ਵਿੱਚ 54 ਫੀਸਦੀ ਅਤੇ ਚੱਬੇਵਾਲ ਵਿੱਚ 53 ਫੀਸਦੀ ਵੋਟਿੰਗ ਹੋਈ। ਇਨ੍ਹਾਂ ਅੰਕੜਿਆਂ ਵਿੱਚ ਬਦਲਾਅ ਸੰਭਵ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।