ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼ ਜਾਰੀ ਕੀਤੇ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਮਿਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਮੱਧ ਪ੍ਰਦੇਸ਼ ਦੇ ਸ਼ਹਡੋਲ ’ਚ ਸਿੰਧੀ ਭਾਈਚਾਰੇ ਵੱਲੋਂ ਕੀਤੇ ਗਏ ਇਕ ਸਮਾਗਮ ਦੀ ਦੱਸੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ ਤੇ ਇਸ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਧੀ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਵੱਡੀ ਸ਼ਰਧਾ ਰੱਖਦਾ ਹੈ ਤੇ ਉਨ੍ਹਾਂ ਨਾਲ ਸਬੰਧਤ ਦਿਹਾੜਿਆਂ ਨੂੰ ਵੀ ਮਨਾਉਂਦਾ ਹੈ, ਪਰ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਮਰਯਾਦਾ ਦਾ ਖਿਆਲ ਰੱਖਣਾ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਕਿਸੇ ਨੂੰ ਵੀ ਗੁਰੂ ਸਾਹਿਬਾਨ ਦੀ ਨਕਲ ਕਰਨ ਤੇ ਮਰਯਾਦਾ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੱਧ ਪ੍ਰਦੇਸ਼ ਵਿਖੇ ਚੱਲ ਰਹੇ ਸਿੱਖ ਮਿਸ਼ਨ ਓਜੈਨ ਦੇ ਪ੍ਰਚਾਰਕਾਂ ਨੂੰ ਪੜਤਾਲ ਕਰਕੇ ਮੁਕੰਮਲ ਰਿਪੋਰਟ ਦੇਣ ਲਈ ਕਿਹਾ ਗਿਆ ਹੈ, ਜਿਸ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ।