ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਪੁਲਸ ਦੀ ਮੁਸ਼ਤੈਦੀ ਨਾਲ ਅੱਜ ਇਕ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੁਲਸ ਅਫ਼ਸਰਾਂ ਦੇ ਸੰਪਰਕ ਵਿਚ ਹਨ ਤੇ ਉਨ੍ਹਾਂ ਤੋਂ ਪਲ਼-ਪਲ਼ ਦੀ ਜਾਣਕਾਰੀ ਲੈ ਰਹੇ ਹਨ। ਪੁਲਸ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।
ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੱਥੇ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਜਿੱਥੇ 24 ਘੰਟੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ ਜਾਂਦਾ ਹੈ, ਉਸ ਦਰ ‘ਤੇ ਅਜਿਹੀ ਘਟਨਾ ਵਾਪਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਸ ਜਗ੍ਹਾ ‘ਤੇ ਪੰਜਾਬ ਪੁਲਸ ਦੇ IG ਤੇ SP ਸਮੇਤ 175 ਜਵਾਨ ਤਾਇਨਾਤ ਹਨ। ਸੁਖਬੀਰ ਬਾਦਲ ਦੇ ਆਲੇ-ਦੁਆਲੇ ਸਿਵਲ ਵਰਦੀ ਵਿਚ ਤਾਇਨਾਤ ਮੁਲਾਜ਼ਮਾਂ ਨੇ ਬੜੀ ਮੁਸ਼ਤੈਦੀ ਨਾਲ ਵੱਡੀ ਘਟਨਾ ਨੂੰ ਟਾਲ ਦਿੱਤਾ ਤੇ ਮੁਲਜ਼ਮ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਇਸ ਲਈ ਪੰਜਾਬ ਪੁਲਸ ਨੂੰ ਵਧਾਈ ਵੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ ਪਰ ਪੁਲਸ ਦੇ ਜਵਾਨ ਉੱਥੇ ਪੂਰੀ ਮੁਸ਼ਤੈਦੀ ਨਾਲ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਲ਼-ਪਲ਼ ਪੰਜਾਬ ਦੇ ਡੀ.ਜੀ.ਪੀ. ਤੇ ਅੰਮ੍ਰਿਤਸਰ ਦੇ ਸੀਨੀਅਰ ਪੁਲਸ ਅਫ਼ਸਰਾਂ ਦੇ ਨਾਲ ਸੰਪਰਕ ਵਿਚ ਹਨ ਤੇ ਉਨ੍ਹਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। CM ਮਾਨ ਨੇ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ।