ਦਾ ਐਡੀਟਰ ਨਿਊਜ਼, ਸ੍ਰੀ ਮੁਕਤਸਰ ਸਾਹਿਬ ——- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਗਈ ਸੇਵਾ ਦਾ ਅੱਜ ਆਖਰੀ ਦਿਨ ਹੈ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ (ਸ਼ੁੱਕਰਵਾਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕਣਗੇ ਅਤੇ ਆਪਣੀ ਸਜ਼ਾ ਪੂਰੀ ਕਰਨਗੇ। ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਯਤਨ ਸ਼ੁਰੂ ਹੋ ਜਾਣਗੇ।
ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਜਿੱਥੇ ਸਭ ਤੋਂ ਪਹਿਲਾਂ ਸੇਵਾਦਾਰ ਦਾ ਚੋਲਾ ਪਾ ਕੇ ਸੇਵਾ ਕਰਨ, ਉਸ ਤੋਂ ਬਾਅਦ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਦਾ ਹੁਕਮ ਹੈ। ਅੱਜ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਦੇ 10 ਦਿਨ ਪੂਰੇ ਹੋ ਜਾਣਗੇ। ਇਸ ਦੌਰਾਨ ਉਹ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।
ਉਮੀਦ ਹੈ ਕਿ ਉਹ ਭਲਕੇ ਅੰਮ੍ਰਿਤਸਰ ਪਹੁੰਚ ਜਾਣਗੇ ਅਤੇ ਹੁਕਮਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣੀ ਸਜ਼ਾ ਪੂਰੀ ਹੋਣ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਆਪਣੀ ਸਜ਼ਾ ਪੂਰੀ ਕਰਨਗੇ।
ਸਜ਼ਾ ਸੁਣਾਉਂਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਮੁੜ ਗਠਨ ਹੋਣਾ ਚਾਹੀਦਾ ਹੈ। ਇਨ੍ਹਾਂ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਦੀ ਜਿੰਮੇਵਾਰੀ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਕੇ ਅਕਾਲੀ ਦਲ ਦਾ ਨਵਾਂ ਢਾਂਚਾ ਤਿਆਰ ਕਰਨਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਹੁਣ ਜਦੋਂ ਸੁਖਬੀਰ ਬਾਦਲ ਦੀ ਸਜ਼ਾ ਪੂਰੀ ਹੋ ਰਹੀ ਹੈ ਤਾਂ ਉਨ੍ਹਾਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।