ਦਾ ਐਡੀਟਰ ਨਿਊਜ਼, ਜੰਮੂ-ਕਸ਼ਮੀਰ —— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕੱਦਰ ਇਲਾਕੇ ‘ਚ ਫੌਜ ਅਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਅਜੇ ਤੱਕ ਅੱਤਵਾਦੀਆਂ ਦੀਆਂ ਲਾਸ਼ਾਂ ਮਿਲਣੀਆਂ ਬਾਕੀ ਹਨ। ਮੁਕਾਬਲੇ ‘ਚ ਦੋ ਜਵਾਨ ਵੀ ਜ਼ਖਮੀ ਹੋਏ ਹਨ।
ਵੀਰਵਾਰ ਸਵੇਰੇ ਫੌਜ ਅਤੇ ਪੁਲਸ ਨੂੰ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ।
ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਦਿੱਲੀ ‘ਚ ਮੀਟਿੰਗ ਕਰ ਸਕਦੇ ਹਨ। ਸਤੰਬਰ-ਅਕਤੂਬਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ। ਇਸ ਵਿੱਚ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਫੌਜ ਦੇ ਸੀਨੀਅਰ ਅਧਿਕਾਰੀ, ਅਰਧ ਸੈਨਿਕ ਬਲ, ਜੰਮੂ-ਕਸ਼ਮੀਰ ਪ੍ਰਸ਼ਾਸਨ, ਖੁਫੀਆ ਏਜੰਸੀਆਂ ਅਤੇ ਗ੍ਰਹਿ ਮੰਤਰਾਲੇ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ 16 ਜੂਨ ਨੂੰ ਵੀ ਸ਼ਾਹ ਨੇ ਉੱਚ ਪੱਧਰੀ ਮੀਟਿੰਗ ਕੀਤੀ ਸੀ। ਇਸ ‘ਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਤਵਾਦ ਨੂੰ ਕੁਚਲਣ ਅਤੇ ਅੱਤਵਾਦੀਆਂ ਦੀ ਮਦਦ ਕਰਨ ਵਾਲਿਆਂ ‘ਤੇ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ।