ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਪਰ ਦਿਨ ਵੇਲੇ ਨਿਕਲੀ ਧੁੱਪ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।
ਪੰਜਾਬ ਦੇ 5 ਜ਼ਿਲ੍ਹੇ ਧੁੰਦ ਦੀ ਲਪੇਟ ‘ਚ ਰਹਿਣਗੇ। ਇਸ ਯੈਲੋ ਅਲਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਲੁਧਿਆਣਾ ਅਤੇ ਬਰਨਾਲਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਅੱਜ 100 ਮੀਟਰ ਦੇ ਕਰੀਬ ਰਹਿ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਅਨੁਸਾਰ 27 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।