ਦਾ ਐਡੀਟਰ ਨਿਊਜ਼, ਖਨੌਰੀ ਬਾਰਡਰ —– ਖਨੌਰੀ ਸਰਹੱਦ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲੀਸ ਹਸਪਤਾਲ ਦਾਖ਼ਲ ਨਹੀਂ ਕਰਵਾ ਸਕੀ। ਸਾਬਕਾ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਵਿੱਚ ਪੁਲੀਸ ਫੋਰਸ ਨੇ ਪਟਿਆਲਾ ਦੇ ਡੀਆਈਜੀ ਅਤੇ ਐਸਐਸਪੀ ਨਾਲ ਮਿਲ ਕੇ ਕਿਸਾਨ ਆਗੂਆਂ ਅਤੇ ਡੱਲੇਵਾਲ ਨਾਲ ਗੱਲਬਾਤ ਕੀਤੀ। ਕਿਸਾਨ ਆਗੂਆਂ ਨੇ ਕਿਹਾ-ਇਹ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ, ਅਸੀਂ ਇੱਥੋਂ ਨਹੀਂ ਹਿੱਲਾਂਗੇ। ਡੱਲੇਵਾਲ ਨੇ ਵੀ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਕਿਸਾਨ ਆਗੂਆਂ ਦੇ ਵਿਰੋਧ ਕਾਰਨ ਫੋਰਸ ਨੂੰ ਵਾਪਸ ਪਰਤਣਾ ਪਿਆ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਸਨ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਅਦਾਲਤ ਦੀ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ।
ਇਸ ਕੇਸ ਦੀ ਮੁੜ ਸੁਣਵਾਈ ਕੱਲ੍ਹ ਯਾਨੀ 31 ਦਸੰਬਰ ਨੂੰ ਹੋਣੀ ਹੈ। ਡੱਲੇਵਾਲ ਨੇ ਐਤਵਾਰ ਰਾਤ ਨੂੰ ਦੋਸ਼ ਲਾਇਆ ਸੀ ਕਿ ਪੰਜਾਬ ਸਰਕਾਰ ਮੋਰਚੇ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਮੋਰਚੇ ਨੂੰ ਕੁਚਲਣ ਦੀ ਕੋਸ਼ਿਸ਼ ਹੈ। ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਖਰੀਦ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।