ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——– ਸਿਡਨੀ ਟੈਸਟ ‘ਚ ਭਾਰਤੀ ਟੀਮ ਆਸਟ੍ਰੇਲੀਆ ਤੋਂ 6 ਵਿਕਟਾਂ ਨਾਲ ਹਾਰ ਗਈ ਹੈ। ਇਸ ਹਾਰ ਨਾਲ ਭਾਰਤੀ ਟੀਮ ਨੂੰ ਬਾਰਡਰ-ਗਾਵਸਕਰ ਟਰਾਫੀ ਵਿੱਚ 3-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਸਟ੍ਰੇਲੀਆ ਨੇ 10 ਸਾਲ ਬਾਅਦ ਇਸ ਸੀਰੀਜ਼ ‘ਚ ਭਾਰਤ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਕੰਗਾਰੂ ਟੀਮ ਨੇ 2014-15 ਸੀਜ਼ਨ ‘ਚ ਸੀਰੀਜ਼ ਜਿੱਤੀ ਸੀ।
ਮੈਚ ਦੇ ਤੀਜੇ ਦਿਨ ਐਤਵਾਰ ਨੂੰ ਭਾਰਤ ਨੇ ਆਸਟਰੇਲੀਆ ਨੂੰ 162 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਆਸਟਰੇਲੀਆਈ ਟੀਮ ਨੇ ਦੂਜੀ ਪਾਰੀ ਵਿੱਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਟਰੈਵਿਸ ਹੈੱਡ 34 ਅਤੇ ਬੀਓ ਵੈਬਸਟਰ 39 ਦੌੜਾਂ ਬਣਾ ਕੇ ਅਜੇਤੂ ਰਹੇ। ਇਨ੍ਹਾਂ ਦੋਵਾਂ ਤੋਂ ਇਲਾਵਾ ਉਸਮਾਨ ਖਵਾਜਾ ਨੇ 41 ਦੌੜਾਂ, ਸੈਮ ਕੋਂਸਟਾਸ ਨੇ 22 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਵੱਲੋਂ ਪ੍ਰਸਿਧ ਕ੍ਰਿਸ਼ਨਾ ਨੇ 3 ਵਿਕਟਾਂ ਲਈਆਂ।
ਭਾਰਤ ਨੇ ਪਹਿਲੀ ਪਾਰੀ ‘ਚ 185 ਦੌੜਾਂ ਬਣਾਈਆਂ ਸਨ। ਜਿਸ ਦੇ ਜਵਾਬ ‘ਚ ਆਸਟ੍ਰੇਲੀਆ ਦੀ ਟੀਮ ਵੀ ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਇਸ ਤਰ੍ਹਾਂ ਭਾਰਤ ਨੂੰ ਪਹਿਲੀ ਪਾਰੀ ਵਿੱਚ 4 ਦੌੜਾਂ ਦੀ ਬੜ੍ਹਤ ਮਿਲ ਗਈ। ਜਿਸ ਤੋਂ ਬਾਅਦ ਭਾਰਤੀ ਟੀਮ ਦੂਜੀ ਪਾਰੀ ‘ਚ ਵੀ ਸਿਰਫ 157 ਦੌੜਾਂ ‘ਤੇ ਆਲ ਆਊਟ ਹੋ ਗਈ ਸੀ ਅਤੇ ਆਸਟਰੇਲੀਆ ਨੂੰ 162 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਟੀਮ ਨੇ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ।
ਇਸ ਹਾਰ ਤੋਂ ਬਾਅਦ ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਮੌਜੂਦਾ ਚੱਕਰ ‘ਚ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਈ ਹੈ, ਜਦਕਿ ਆਸਟ੍ਰੇਲੀਆ ਨੇ ਲਗਾਤਾਰ ਦੂਜੀ ਵਾਰ ਫਾਈਨਲ ‘ਚ ਪ੍ਰਵੇਸ਼ ਕੀਤਾ ਹੈ।