* ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ
* ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ
ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਬੀਤੀ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ. ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨ ਆਗੂਆਂ, ਜਿਨ੍ਹਾਂ ਦੀ ਅਗਵਾਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਕਰ ਰਹੇ ਹਨ, ਨਾਲ ਇੱਕ ਅਹਿਮ ਮੀਟਿੰਗ ਕੀਤੀ।


ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਦੀ ਟੀਮ ਦਾ ਸਵਾਗਤ ਕੀਤਾ ਅਤੇ ਕੇਂਦਰੀ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਜੋਸ਼ੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ, ਅਗਲੀ ਮੀਟਿੰਗ 22 ਫਰਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਸਬੰਧੀ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਵੀ ਕੀਤੀ।
ਡੱਲੇਵਾਲ ਨੇ ਕਿਹਾ ਕਿ ਉਹ ਡਾਕਟਰੀ ਸਹਾਇਤਾ ਲੈਂਦੇ ਰਹਿਣਗੇ, ਪਰ ਪਿਛਲੇ 81 ਦਿਨਾਂ ਤੋਂ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਉਦੋਂ ਤੱਕ ਖਤਮ ਨਹੀਂ ਕਰਨਗੇ, ਜਦੋਂ ਤੱਕ ਸਰਕਾਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਨਹੀਂ ਕਰਦੀ।
ਮੀਟਿੰਗ ਦੌਰਾਨ, ਜੋਸ਼ੀ ਨੇ ਪਿਛਲੇ ਸੀਜ਼ਨ ਵਿੱਚ ਝੋਨੇ ਦੀ ਖਰੀਦ ਸੰਬੰਧੀ ਅੰਕੜੇ ਵੀ ਸਾਂਝੇ ਕੀਤੇ ਅਤੇ ਭਰੋਸਾ ਦਿੱਤਾ ਕਿ ਆਗਾਮੀ ਕਣਕ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕੇਂਦਰ ਵੱਲੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਅਤੇ ਦਾਲਾਂ, ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਚਾਨਣਾ ਪਾਇਆ।
ਇਸ ਤੋਂ ਪਹਿਲਾਂ, ਜੋਸ਼ੀ ਅਤੇ ਪੰਜਾਬ ਦੇ ਦੋਵੇਂ ਕੈਬਨਿਟ ਮੰਤਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੋਲ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੇ ਡੱਲੇਵਾਲ ਦੀ ਭੈਣ ਦੀ ਪੋਤੀ ਦੇ ਦੇਹਾਂਤ ‘ਤੇ ਵੀ ਦੁੱਖ ਪ੍ਰਗਟ ਕੀਤਾ।
ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੇ ਸਕੱਤਰ ਸ੍ਰੀ ਦੇਵੇਸ਼ ਚਤੁਰਵੇਦੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਸ੍ਰੀ ਵਿਕਾਸ ਗਰਗ, ਵਧੀਕ ਸਕੱਤਰ ਖੇਤੀਬਾੜੀ (ਭਾਰਤ ਸਰਕਾਰ) ਮਨਿੰਦਰ ਕੌਰ, ਸੰਯੁਕਤ ਸਕੱਤਰ (ਨੀਤੀ ਅਤੇ ਐਫ.ਸੀ.ਆਈ.) ਸ੍ਰੀਮਤੀ ਸੀ. ਸ਼ਿਖਾ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਐਮ.ਡੀ. ਪਨਸਪ ਸ੍ਰੀਮਤੀ ਸੋਨਾਲੀ ਗਿਰਿ, ਚੇਅਰਮੈਨ ਪੰਜਾਬ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਸ੍ਰੀ ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਐਸ. ਗੋਸਲ ਅਤੇ ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।