ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਵੱਲੋਂ ਆਪਣੀ ਨਵੀਂ ‘ਸਿੱਖਿਆ ਨੀਤੀ’ ਲਿਆਂਦੀ ਜਾਵੇਗੀ ਅਤੇ ਇਸ ਮੰਤਵ ਲਈ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਨਵੀਂ ਸਿੱਖਿਆ ਨੀਤੀ ਲਈ ਸੁਝਾਅ ਲਏ ਜਾਣਗੇ, ਫੇਰ ਉਨ੍ਹਾਂ ‘ਤੇ ਵਿਚਾਰ ਚਰਚਾ ਕਰਕੇ ਆਉਣ ਵਾਲੇ ਦਿਨਾਂ ‘ਚ ਨਵੀਂ ਸਿੱਖਿਆ ਨੀਤੀ ਲਾਗੂ ਕਰ ਦਿੱਤੀ ਜਾਵੇਗੀ।
ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਹੈ, ਭਾਵੇਂ ਸਕੂਲ ਕਿਸੇ ਵੀ ਵਿਦਿਅਕ ਬੋਰਡ ਨਾਲ ਸਬੰਧਤ ਰੱਖਦਾ ਹੋਵੇ। ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ।