– ਇਸ ਮਹੀਨੇ ਦੇਸ਼ ਭਰ ਵਿੱਚ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ
ਦਾ ਐਡੀਟਰ ਨਿਊਜ਼, ਖਨੌਰੀ ——- ਦਾਤਾਸਿੰਘਵਾਲਾ-ਖਨੌਰੀ ਕਿਸਾਨ ਫਰੰਟ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 96ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਕੱਲ੍ਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਗੜੇਮਾਰੀ ਹੋਈ, ਜਿਸ ਕਾਰਨ ਸਰ੍ਹੋਂ ਅਤੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਸਰਕਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਗਿਰਦਾਵਰੀ ਕਰਵਾ ਕੇ ਕਿਸਾਨਾਂ ਲਈ ਯੋਗ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ।


ਕਿਸਾਨ ਆਗੂਆਂ ਨੇ ਦੱਸਿਆ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ‘ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ 100 ਕਿਸਾਨ 1 ਦਿਨ ਦੀ ਪ੍ਰਤੀਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਦੇਸ਼ ਭਰ ਦੇ ਜ਼ਿਲ੍ਹਾ/ਤਹਿ ਪੱਧਰ ‘ਤੇ ਕਿਸਾਨ 1 ਦਿਨ ਦੀ ਪ੍ਰਤੀਕ ਭੁੱਖ ਹੜਤਾਲ ਕਰਨਗੇ।
ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਵਿਖੇ ਕਿਸਾਨ ਮੋਰਚੇ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਐਕਟ ਦੇ ਮੁੱਦੇ ‘ਤੇ ਮਹਿਲਾ ਪੰਚਾਇਤਾਂ ਦਾ ਇਕੱਠ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਦੇਸ਼ ਭਰ ਵਿੱਚ ਸੂਬਾ ਪੱਧਰ ’ਤੇ ਮਹਾਂਪੰਚਾਇਤਾਂ ਕੀਤੀਆਂ ਜਾਣਗੀਆਂ।