ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਪੰਜਾਬ ਸਰਕਾਰ ਨੇ ‘ਸਿਹਤ ਕ੍ਰਾਂਤੀ’ ਦੀ ਦਿਸ਼ਾ ਵਿਚ ਇਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਬਜਟ ਵਿਚ ਸਿਹਤ ਖੇਤਰ ਲਈ 2 ਵੱਡੇ ਫ਼ੈਸਲੇ ਲਏ ਗਏ ਹਨ। ਅੱਜ ਵਿਧਾਨ ਸਭਾ ਵਿਚ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰ ਨੇ ਰਾਜ ਦੀ ਸਿਹਤ ਬੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਦੂਜਾ ਵੱਡਾ ਫੈਸਲਾ ਇਹ ਹੈ ਕਿ ਅਸੀਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ। ਇਸ ਵਿਚ ਉਹ ਲੋਕ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ ‘ਸਿਹਤ ਕਾਰਡ’ ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਫਾਇਦਾ ਲੈ ਸਕਣਗੇ।


ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਸਰਕਾਰ ਵੱਲੋਂ ਇਸ ਮਕਸਦ ਲਈ 778 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।