ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ।
ਅੱਜ ਮਿਤੀ 26 ਚੇਤ ਨਾਨਕਸ਼ਾਹੀ ਸੰਮਤ 557 ਮੁਤਾਬਿਕ 08 ਅਪ੍ਰੈਲ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਫੈਸਲਾ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਪਹਿਲਾਂ ਮਿਤੀ 32 ਹਾੜ ਨਾਨਕਸ਼ਾਹੀ ਸੰਮਤ 556 ਮੁਤਬਿਕ 15 ਜੁਲਾਈ 2024 ਨੂੰ ਮਤਾ ਨੰਬਰ 04 ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਬੀਤੇ ਵਿਚ ਉਨ੍ਹਾਂ ਵੱਲੋਂ ਕੀਤੀਆਂ ਗਲਤੀਆਂ ਲਈ ਤਨਖਾਹ ਲਗਾਈ ਗਈ ਸੀ, ਜਿਸ ਵਿਚ ਉਨ੍ਹਾਂ ਨੇ ਭੁੱਲ ਬਖਸ਼ਾਈ ਸੀ ਪਰੰਤੂ ਉਸ ਤੋਂ ਬਾਅਦ ਵੀ ਉਨ੍ਹਾਂ ਦੇ ਖਿਲਾਫ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਬਹੁਤ ਗੰਭੀਰ ਇਲਜ਼ਾਮ ਲੱਗੇ ਹਨ। ਇਸ ਲਈ ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਤੇ ਲੱਗੇ ਇਲਜ਼ਾਮਾਂ ਤੋਂ ਸੁਰਖਰੂ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਪੰਥਕ ਸਰਗਰਮੀਆਂ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਤੋਂ ਗੁਰੇਜ਼ ਕਰਨ। ਇਨ੍ਹਾਂ ਦੀਆਂ ਪੰਥਕ ਸੇਵਾਵਾਂ ’ਤੇ ਰੋਕ ਲਗਾਈ ਜਾਂਦੀ ਹੈ।