ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਪੰਜਾਬ ‘ਚ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। 14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ।
ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਉਥੇ ਹੀ 14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਅਤੇ ਸ਼ਨੀਵਾਰ ਆ ਰਹੇ ਹਨ। ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਰਹੇਗੀ।


ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸ ਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੱਲ੍ਹ ਯਾਨੀ 10 ਅਪ੍ਰੈਲ ਨੂੰ ਵੀ ਸਰਕਾਰੀ ਛੁੱਟੀ ਰਹੇਗੀ। ਵੀਰਵਾਰ ਨੂੰ ਮਹਾਵੀਰ ਜਯੰਤੀ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵੀਰਵਾਰ ਸਕੂਲ-ਕਾਲਜ ਸਮੇਤ ਸਰਕਾਰੀ ਦਫ਼ਤਰ ਬੰਦ ਰਹਿਣਗੇ।