ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।
ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਭਾਈ ਮਨਜੀਤ ਸਿੰਘ ਐਸਜੀਪੀਸੀ ਮੈਂਬਰ ਨੇ ਕਿਹਾ ਕਿ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਸ਼ਹੀਦਾਂ ਦੇ ਪਰਿਵਾਰ ਮਾਨ ਸਨਮਾਨ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਇੱਥੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਸ਼ਹੀਦਾਂ ਦੇ ਪਰਿਵਾਰ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਮਾਨ-ਸਨਮਾਨ ਨਹੀਂ ਲੈਣਾ ਚਾਹੁੰਦੇ ਤਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਉਨ੍ਹਾਂ ਦਾ ਸਨਮਾਨ ਕਰਨਗੇ। ਪਰ ਸ਼ਹੀਦਾਂ ਦੇ ਪਰਿਵਾਰ ਇੱਥੇ ਜ਼ਰੂਰ ਆਉਣ।