ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ ਸੂਬੇ ’ਚ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ, ਜੋ 31 ਜੁਲਾਈ ਤੱਕ ਚੱਲੇਗਾ। ਜੇਕਰ ਪਿਛਲੇ ਸਾਲ ‘ਚ ਝਾਤ ਮਾਰੀਏ ਤਾਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਈ ਸੀ। ਪਰ ਇਸ ਵਾਰ ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਤੇ ਇਸ ਦੀ ਸ਼ੁਰੂਆਤ ਸਰਹੱਦੀ ਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਤੋਂ ਕੀਤੀ ਜਾਵੇਗੀ।
ਇਸ ਲਈ 1 ਜੂਨ ਨੂੰ ਸਭ ਤੋਂ ਪਹਿਲਾਂ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਜ਼ਿਲ੍ਹਿਆਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ’ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।


ਇਸ ਮਗਰੋਂ ਅੱਜ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ।
ਆਖਰ ਵਿੱਚ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ 9 ਜੂਨ ਤੋਂ ਲੁਆਈ ਦੀ ਸ਼ੁਰੂਆਤ ਹੋਏਗੀ।