ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ ——– ਇਟਲੀ ‘ਚ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਟਵਿੰਕਲ ਰੰਧਾਵਾ ਵੱਜੋਂ ਹੋਈ ਹੈ। ਮ੍ਰਿਤਕ ਨੌਜਵਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੇ ਖੋਲੇ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਅਜੇ ਪੰਜ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ।
ਇਸ ਸੰਬੰਧੀ ਟਵਿੰਕਲ ਦੇ ਪਿਤਾ, ਜਗੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਦੋ ਪੁੱਤਰ ਹਨ, ਅਤੇ ਟਵਿੰਕਲ ਛੋਟਾ ਸੀ। ਜਗੀਰ ਸਿੰਘ ਡਰਾਈਵਰ ਵਜੋਂ ਕੰਮ ਕਰਦਾ ਹੈ ਅਤੇ ਟਵਿੰਕਲ ਨੂੰ ਇਟਲੀ ਭੇਜਣ ਲਈ ਕਰਜ਼ਾ ਲਿਆ ਸੀ।

ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਟਵਿੰਕਲ ਨਾਲ ਫ਼ੋਨ ‘ਤੇ ਗੱਲ ਕੀਤੀ ਸੀ, ਅਤੇ ਉਹ ਬਹੁਤ ਖੁਸ਼ ਸੀ। ਪਰ ਉਸ ਤੋਂ ਬਾਅਦ ਟਵਿੰਕਲ ਦੇ ਨਾਲ ਰਹਿਣ ਵਾਲੇ ਹੋਰ ਮੁੰਡਿਆਂ ਨੇ ਉਸਨੂੰ ਟਵਿੰਕਲ ਦੀ ਮੌਤ ਦੀ ਜਾਣਕਾਰੀ ਦਿੱਤੀ। ਟਵਿੰਕਲ ਦੇ ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵਿੰਕਲ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣ ਵਿੱਚ ਸਹਾਇਤਾ ਦੀ ਵੀ ਬੇਨਤੀ ਕੀਤੀ ਹੈ ਤਾਂ ਜੋ ਉਸਦਾ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਜਾ ਸਕੇ।