ਦਾ ਐਡੀਟਰ ਨਿਊਜ਼, ਨਵੀਂ ਦਿੱਲੀ। ਪੰਜਾਬ ਵਿਚ ਹਰ ਰੋਜ਼ 14 ਤੋਂ ਜਿਆਦਾ ਮੌਤਾਂ ਸੜਕ ਹਾਦਸਿਆਂ ਵਿਚ ਹੋ ਰਹੀਆਂ ਹਨ, ਇਸ ਗੱਲ ਦਾ ਖੁਲਾਸਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਮੰਤਰੀ ਨਿਤਨ ਗਡਕਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਮੁੱਖ ਮੰਤਰੀ ਪੰਜਾਬ ਦੇ ਹਾਈਵੇ ਅਤੇ ਟੋਲ ਪਲਾਜ਼ਿਆਂ ਦੇ ਮਸਲਿਆਂ ਨੂੰ ਲੈ ਕੇ ਨਿਤਨ ਗਡਕਰੀ ਨਾਲ ਮੁਲਾਕਾਤ ਕਰਨ ਗਏ ਸਨ ਉਨ੍ਹਾਂ ਕਿਹਾ ਕਿ ਦੁਰਘਟਨਾਵਾਂ ਨਾਲ ਹੋ ਰਹੀਆਂ ਇਹਨਾਂ ਮੌਤਾਂ ਦੀ ਜਾਣਕਾਰੀ ਉਹਨਾਂ ਨੇ ਕੇਂਦਰੀ ਮੰਤਰੀ ਨਾਲ ਵੀ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਇਸ ਗੱਲ ਨੂੰ ਲੈ ਕੇ ਚਿੰਤਾ ਵੀ ਜ਼ਾਹਰ ਕੀਤੀ। ਮਾਨ ਨੇ ਕਿਹਾ ਕਿ ਇਹ ਅੰਕੜਾ ਉਸ ਸਮੇ ਦਾ ਹੈ, ਜਦ ਉਹ ਮੈਂਬਰ ਪਾਰਲੀਮੈਂਟ ਸਨ, ਜਦ ਕਿ ਇਹ ਅੰਕੜਾ ਹੋਰ ਵੀ ਵੱਧ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਮੌਤਾਂ ਨੂੰ ਰੋਕਣ ਲਈ ਪੰਜਾਬ ਵੱਢੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਇਸ ਲਈ ਐਸਐਸਐਫ (ਸੜਕ ਸੁਰੱਖਿਆ ਫੋਰਸ) ਦੇ ਯੁਨਿਟ ਬਨਾਏ ਜਾ ਰਹੇ ਹੈ ਜੋ ਰੋਡ ਸੇਫਟੀ ਲਈ ਕੰਮ ਕਰਨਗੇ।
ਕੀ ਹੁਸ਼ਿਆਰਪੁਰ ਜਲੰਧਰ ਹਾਈਵੇ ਬਣੇਗਾ ?
ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ। ਇਥੇ ਇਹ ਗੱਲ ਵਰਣਨਯੋਗ ਹੈ ਕਿ ਇਹ ਪ੍ਰੋਜੈਕਟ ਪਿੱਛਲੇ ਕਾਫੀ ਸਮੇਂ ਤੋਂ ਰੁਕਿਆ ਹੋਇਆ ਹੈ, ਕਿਓਂਕਿ ਇਸ ਪ੍ਰੋਜੈਕਟ ਵਿੱਚ 100 ਕਰੋੜ ਦਾ ਸਕੈਂਡਲ ਹੋਇਆ ਸੀ, ਜਿਸ ਕਰਕੇ ਇਹ ਪ੍ਰੋਜੈਕਟ ਖਟਾਈ ਚ ਪਿਆ ਹੋਇਆ ਹੈ। ਜਦ ਕਿ ਇਸ ਤੋਂ ਪਹਿਲਾਂ ਵੀ ਕਈ ਨੇਤਾ ਇਸ ਨੂੰ ਜਲਦੀ ਸ਼ੁਰੂ ਕਰਵਾਉਣ ਦਾ ਦਾਅਵਾ ਕਰ ਚੁੱਕੇ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ, ਇਹ ਮੁੱਦਾ ਜਲੰਧਰ ਲੋਕਸਭਾ ਦੀ ਜਿਮਣੀ ਚੋਣ ਵਿਚ ਵੀ ਬਹੁਤ ਉਠਿਆ ਸੀ। ਲੇਕਿਨ ਹੁਣ ਇਕ ਵਾਰ ਫਿਰ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਦੀ ਆਸ ਵੱਜੀ ਹੈ।
ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।
ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।