ਦਾ ਐਡੀਟਰ ਨਿਊਜ.ਹੁਸ਼ਿਆਰਪੁਰ ———– ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਬਾਦੋਵਾਲ ਵਿਖੇ ਕੁਝ ਦਿਨ ਪਹਿਲਾ ਭਾਰੀ ਮੀਂਹ ਦੌਰਾਨ ਘਰ ਦੀ ਛੱਤ ਡਿੱਗਣ ਕਾਰਨ ਹਰਜੀਤ ਸਿੰਘ ਦੇ ਪਿਤਾ ਦੀ ਮੌਤ ਹੋ ਗਈ ਸੀ ਤੇ ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਰਵਜੋਤ ਸਿੰਘ ਆਪਣੀ ਟੀਮ ਨਾਲ ਪੁੱਜੇ ਤੇ ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਤੌਰ ਉੱਪਰ ਮਦਦ ਵੀ ਕੀਤੀ ਗਈ।
ਇਸ ਸਮੇਂ ਵਿਧਾਇਕ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਮੀਂਹ ਤੇ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਇਸ ਮੁਸ਼ਕਿਲ ਸਮੇਂ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਤੇ ਕੁਦਰਤੀ ਆਫਤ ਦੌਰਾਨ ਜਿਨ੍ਹਾਂ ਲੋਕਾਂ ਦਾ ਵੀ ਨੁਕਸਾਨ ਹੋਇਆ ਹੈ ਸਰਕਾਰ ਉਨ੍ਹਾਂ ਤੱਕ ਰਾਹਤ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਹਰਜੀਤ ਸਿੰਘ ਤੇ ਪਰਿਵਾਰ ਦੇ ਦੂਸਰੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਪਰਿਵਾਰ ਦੀ ਮਦਦ ਕੀਤੀ ਜਾਂਦੀ ਰਹੇਗੀ। ਇਸ ਮੌਕੇ ਮਨਜੀਤ ਸਿੰਘ ਜੰਡਾ, ਡਾ. ਜਰਨੈਲ ਸਿੰਘ, ਅਮਰਜੀਤ ਵਿਰਦੀ, ਮਨਜੀਤ ਸਿੰਘ, ਸਲਮਾਨ ਵਿਰਦੀ ਆਦਿ ਵੀ ਮੌਜੂਦ ਸਨ।