ਚੰਡੀਗੜ੍ਹ, 12 ਅਗਸਤ 2023 – ਉੱਤਰਾਖੰਡ ਸਰਕਾਰ ਹੁਣ ਸਿੱਖ ਰੀਤੀ-ਰਿਵਾਜਾਂ ਤਹਿਤ ਹੋਣ ਵਾਲੇ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰ ਕਰੇਗੀ। ਮੁੱਖ ਮੰਤਰੀ ਪੁਸ਼ਕਰ ਧਾਮੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਆਨੰਦ ਮੈਰਿਜ ਐਕਟ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਹ ਹੀ ਨਹੀਂ ਉੱਤਰਾਖੰਡ ਕੈਬਨਿਟ ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਵਾਲਾ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ।
ਉੱਤਰਾਖੰਡ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲੇ ਮੁਤਾਬਕ ਆਨੰਦ ਮੈਰਿਜ ਐਕਟ ਤਹਿਤ ਹੋਣ ਵਾਲੇ ਵਿਆਹਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਸ ਨਾਲ ਸਿੱਖ ਭਾਈਚਾਰੇ ਦੇ ਲੋਕ ਵੀ ਆਨੰਦ ਮੈਰਿਜ ਐਕਟ ਤਹਿਤ ਰਜਿਸਟ੍ਰੇਸ਼ਨ ਕਰ ਸਕਣਗੇ।
ਸਿੱਖ ਧਰਮ ਦੀ ਮਾਨਤਾ ਅਨੁਸਾਰ ਵਿਆਹ ਕਰਵਾਉਣ ਲਈ ‘ਅਨੰਦ’ ਦੀ ਰਸਮ ਕੀਤੀ ਜਾਂਦੀ ਹੈ। ਇਹ ਰਸਮ ਸਿੱਖ ਧਰਮ ਦੇ ਤੀਜੇ ਗੁਰੂ, ਗੁਰੂ ਅਮਰਦਾਸ ਜੀ ਨੇ ਸ਼ੁਰੂ ਕੀਤੀ ਸੀ।
ਪਹਿਲੀ ਵਾਰ ਆਨੰਦ ਮੈਰਿਜ ਐਕਟ 1909 ਵਿੱਚ ਅੰਗਰੇਜ਼ਾਂ ਦੇ ਸਮੇਂ ਵਿੱਚ ਲਾਗੂ ਹੋਇਆ ਸੀ। ਪਰ ਕਿਸੇ ਕਾਰਨ ਇਹ ਐਕਟ ਉਸ ਸਮੇਂ ਲਾਗੂ ਨਹੀਂ ਹੋ ਸਕਿਆ। 2007 ਵਿੱਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਤਾਂ ਸਿੱਖ ਭਾਈਚਾਰੇ ਨੇ ਵੀ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਉਠਾਈ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਨਾਲ ਸਬੰਧਤ ਲੋਕਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਰਜਿਸਟਰਡ ਹੁੰਦੇ ਸਨ।
ਆਨੰਦ ਮੈਰਿਜ ਐਕਟ ਵਿੱਚ ਪਹਿਲਾਂ ਵੀ ਕਈ ਵਾਰ ਬਦਲਾਅ ਕੀਤੇ ਜਾ ਚੁੱਕੇ ਹਨ। 7 ਜੂਨ 2012 ਨੂੰ, ਦੋਵਾਂ ਸਦਨਾਂ ਨੇ ਆਨੰਦ ਮੈਰਿਜ ਐਕਟ 1909 ਵਿੱਚ ਸੋਧ ਕਰਦੇ ਹੋਏ ਆਨੰਦ ਮੈਰਿਜ ਸੋਧ ਬਿੱਲ 2012 ਪਾਸ ਕੀਤਾ। ਇਸ ਐਕਟ ਤਹਿਤ ਸਿੱਖ ਪਰੰਪਰਾਗਤ ਵਿਆਹਾਂ ਨੂੰ ਪ੍ਰਮਾਣਿਤ ਕਰਨ ਲਈ ਆਨੰਦ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਵੇਗੀ।