ਗੁਰਦਾਸਪੁਰ, 15 ਅਗਸਤ 2023 – ਗੁਰਦਾਸਪੁਰ ਦੇ ਪਿੰਡ ਸਦਰੰਗ ‘ਚ ਸੋਮਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਮੌਜੂਦਾ ਕਾਂਗਰਸੀ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਸਰਪੰਚ ਦੀ ਪਛਾਣ ਬਲਜੀਤ ਸਿੰਘ (48) ਵਜੋਂ ਹੋਈ ਹੈ।
ਜ਼ਖਮੀ ਹਾਲਤ ਵਿਚ ਬਲਜੀਤ ਸਿੰਘ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਮੰਗਲਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਬਲਜੀਤ ਸੋਮਵਾਰ ਸ਼ਾਮ ਨੂੰ ਆਪਣਾ ਕੰਮ ਖਤਮ ਕਰਕੇ ਘਰ ਵੱਲ ਜਾ ਰਿਹਾ ਸੀ। ਉਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਪਿੱਛਿਓਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਪਰਿਵਾਰ ਨੂੰ ਕਤਲ ਦੀ ਸੂਚਨਾ ਦਿੱਤੀ ਤਾਂ ਬਲਜੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸੀਆਈਏ ਟੀਮਾਂ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਤਲ ਦੇ ਕਾਰਨਾਂ ਦੀ ਜਾਂਚ ‘ਚ ਜੁਟ ਗਈ ਹੈ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।