ਦਾ ਐਡੀਟਰ ਨਿਊਜ.ਮੁਕੇਰੀਆ ——– ਪੌਂਗ ਡੈਮ ਤੋਂ ਬਿਆਸ ਦਰਿਆ ਵਿੱਚ ਅਚਾਨਕ ਛੱਡੇ ਗਏ ਪਾਣੀ ਕਾਰਨ ਹਲਕਾ ਮੁਕੇਰੀਆ ਤੇ ਦਸੂਹਾ ਦੇ ਕਈ ਪਿੰਡਾਂ ਵਿੱਚ ਲੋਕਾਂ ਦਾ ਜਿੱਥੇ ਵੱਡਾ ਨੁਕਸਾਨ ਹੋਇਆ ਹੈ ਉੱਥੇ ਹੀ ਮੌਜੂਦਾ ਸਮੇਂ ਤੱਕ ਵੱਡੀ ਗਿਣਤੀ ਵਿੱਚ ਲੋਕ ਪਾਣੀ ਦਰਮਿਆਨ ਫਸੇ ਹੋਏ ਹਨ ਜਿਨ੍ਹਾਂ ਨੂੰ ਬਾਹਰ ਕੱਢਣ ਲਈ ਸਮਾਜਸੇਵੀ ਸੰਸਥਾਵਾਂ ਤਾਂ ਲਗਾਤਾਰ ਕੰਮ ਕਰ ਰਹੀਆਂ ਹਨ ਲੇਕਿਨ ਪੰਜਾਬ ਸਰਕਾਰ ਕੋਈ ਵੀ ਮਦਦ ਕਰਨ ਵਿੱਚ ਨਾਕਾਮ ਸਾਬਿਤ ਹੋਈ ਹੈ, ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਕੇਰੀਆ ਦੇ ਇੰਚਾਰਜ ਤੇ ਜਨਰਲ ਸਕੱਤਰ ਸ. ਸਰਬਜੋਤ ਸਿੰਘ ਸਾਬੀ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਜਿਨ੍ਹਾਂ ਵਿੱਚ ਮਹਿਤਾਬਪੁਰ, ਹਲੇੜ, ਕੌਂਲੀਆ, ਨੌਸ਼ਹਿਰਾ ਪੱਤਣ, ਤੂਰਾ, ਚਾਹਲਪੁਰ, ਚਕਵਾਲ, ਧਨੋਆ ਆਦਿ ਸ਼ਾਮਿਲ ਹਨ ਦਾ ਦੌਰਾ ਕਰਨ ਸਮੇਂ ਕੀਤਾ ਗਿਆ ਤੇ ਇਸ ਦੌਰਾਨ ਉਨ੍ਹਾਂ ਨਾਲ ਚੱਲ ਰਹੀ ਅਕਾਲੀ ਦਲ ਦੀ ਟੀਮ ਵੱਲੋਂ ਪਾਣੀ ਵਿੱਚ ਫਸੇ ਲੋਕਾਂ ਤੱਕ ਮਦਦ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਅਚਾਨਕ ਬਿਆਸ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਕਿਸਾਨਾਂ ਦੀ ਹਜਾਰਾਂ ਏਕੜ ਫਸਲ ਜਿੱਥੇ ਇਸ ਪਾਣੀ ਨਾਲ ਬਰਬਾਦ ਹੋ ਗਈ ਹੈ ਉੱਥੇ ਹੀ ਘਰਾਂ ਸਮੇਤ ਮਸ਼ੀਨਰੀ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਮੌਜੂਦਾ ਸਮੇਂ ਹੜ੍ਹ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣਾ ਤੇ ਉਨ੍ਹਾਂ ਲਈ ਖਾਣ-ਪੀਣ ਦਾ ਪ੍ਰਬੰਧ ਕਰਨਾ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ ਹੈ ਲੇਕਿਨ ਦੁੱਖ ਹੁੰਦਾ ਹੈ ਜਦੋਂ ਬੁਰੇ ਸਮੇਂ ਦੌਰਾਨ ਸਰਕਾਰ ਦੇ ਨੁਮਾਇੰਦੇ ਸਿਰਫ ਤੇ ਸਿਰਫ ਫੋਟੋ ਸੈਸ਼ਨ ਕਰਨ ਵਿੱਚ ਹੀ ਸਮਾਂ ਕੱਢ ਦਿੰਦੇ ਹਨ।
ਸਰਬਜੋਤ ਸਾਬੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਤੇ ਪੌਂਡ ਡੈਮ ਦੇ ਅਧਿਕਾਰੀਆਂ ਨੂੰ ਜਦੋਂ ਇਸ ਗੱਲ ਦੀ ਪਹਿਲਾ ਹੀ ਜਾਣਕਾਰੀ ਸੀ ਕਿ ਡੈਮ ਤੋਂ ਪਾਣੀ ਛੱਡਿਆ ਜਾਣਾ ਹੈ ਤਦ ਇਸ ਹਾਲਤ ਵਿੱਚ ਬਚਾਅ ਦੇ ਅਗਾਊ ਪ੍ਰਬੰਧ ਕਿਉਂ ਨਹੀਂ ਕੀਤੇ ਗਏ ਤੇ ਕਿਉਂ ਬਿਆਸ ਦਰਿਆ ਦੇ ਕੰਢੇ ਉੱਪਰ ਵਸੇ ਹੋਏ ਪਿੰਡਾਂ ਦੇ ਲੋਕਾਂ ਨੂੰ ਘਰ ਤੋਂ ਦੂਰ ਜਾਣ ਲਈ ਨਹੀਂ ਕਿਹਾ ਗਿਆ, ਉਨ੍ਹਾਂ ਕਿਹਾ ਕਿ ਪਾਣੀ ਨੇ ਜਦੋਂ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਤਦ ਉਸ ਤੋਂ ਕਈ ਘੰਟੇ ਬਾਅਦ ਪ੍ਰਸ਼ਾਸ਼ਨ ਵੱਲੋਂ ਰਾਹਤ ਕਾਰਜਾਂ ਲਈ ਕੰਮ ਸ਼ੁਰੂ ਕੀਤਾ ਗਿਆ ਤੇ ਜੇਕਰ ਸਮਾਜਸੇਵੀ ਜਥੇਬੰਦੀਆਂ ਨੇ ਸਮੇਂ ਸਿਰ ਮੋਰਚਾ ਨਾ ਸੰਭਾਲਿਆ ਹੁੰਦਾ ਤਾਂ ਵੱਡਾ ਜਾਨੀ ਨੁਕਸਾਨ ਹੋਣਾ ਸੀ।
ਸਰਬਜੋਤ ਸਾਬੀ ਨੇ ਕਿਹਾ ਕਿ ਇਸ ਕੁਦਰਤੀ ਆਫਤ ਦੇ ਸ਼ੁਰੂ ਹੋਣ ਦੇ ਸਮੇਂ ਤੋਂ ਹੀ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਵਲੰਟੀਅਰਾਂ ਵੱਲੋਂ ਜਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਜਾਨ-ਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਸਮਾਜਿਕ-ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਜਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸੰਜੀਦਾ ਢੰਗ ਨਾਲ ਲੈ ਕੇ ਪ੍ਰੇਸ਼ਾਨ ਹੋ ਰਹੇ ਲੋਕਾਂ ਤੱਕ ਮਦਦ ਪਹੁੰਚਾਈ ਜਾਵੇ।