ਚੰਡੀਗੜ੍ਹ, 8 ਸਤੰਬਰ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।