ਦਾ ਐਡੀਟਰ ਨਿਊਜ.ਹੁਸ਼ਿਆਰਪੁਰ ——- ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਜਾਂਚ ਏਜੰਸੀਆਂ ਦੀ ਨਜਾਇਜ਼ ਵਰਤੋ ਕਰਦੇ ਹੋਏ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸੇ ਕੜੀ ਤਹਿਤ ਬੀਤੇ ਦਿਨ ਈ.ਡੀ.ਵੱਲੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸਿਆਸੀ ਬਦਲਾਖੋਰੀ ਦੇ ਚੱਲਦਿਆ ਗਿ੍ਰਫਤਾਰ ਕੀਤਾ ਗਿਆ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਕਰਦੇ ਹੋਏ ਐਲਾਨ ਕੀਤਾ ਗਿਆ ਕਿ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖਿਲਾਫ 6 ਅਕਤੂਬਰ ਨੂੰ ਸਥਾਨਕ ਸੈਸ਼ਨ ਚੌਂਕ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ ਜਾਵੇਗਾ ਤੇ ਇਸ ਮੌਕੇ ਜਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਤੋਂ ਆਪ ਦੇ ਆਗੂ ਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ।
ਵਿਧਾਇਕ ਡਾ. ਰਵਜੋਤ ਸਿੰਘ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਫਲਤਾ ਕਾਰਨ ਭਾਜਪਾ ਬੌਖਲਾ ਗਈ ਹੈ ਕਿਉਂਕਿ ਭਾਜਪਾ ਦੇ ਆਗੂਆਂ ਨੂੰ ਇਹ ਡਰ ਸਤਾਉਣ ਲੱਗਾ ਹੈ ਕਿ ਕੇਂਦਰ ਦੀ ਸੱਤਾ ਵਿੱਚੋ ਆਮ ਆਦਮੀ ਪਾਰਟੀ ਦੂਜੀਆਂ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਭਾਜਪਾ ਨੂੰ 2024 ਵਿੱਚ ਚੱਲਦਾ ਕਰ ਦੇਵੇਗੀ ਤੇ ਇਸੇ ਕਾਰਨ ਹੁਣ ਭਾਜਪਾ ਵੱਲੋਂ ਆਪ ਦੇ ਆਗੂਆਂ ਦੀ ਆਵਾਜ ਨੂੰ ਦਬਾਉਣ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਲੇਕਿਨ ਇਨ੍ਹਾਂ ਕੋਸ਼ਿਸ਼ਾਂ ਵਿੱਚ ਭਾਜਪਾ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਲੇਕਿਨ ਭਾਜਪਾ ਲੋਕਤੰਤਰ ਨੂੰ ਤਾਨਾਸ਼ਾਹੀ ਵੱਲ ਲਿਜਾ ਰਹੀ ਹੈ ਜਿਸ ਨੂੰ ਰੋਕਣ ਲਈ ਪੂਰੇ ਦੇਸ਼ ਦੇ ਲੋਕ ਲਾਮਬੰਦ ਹੋ ਰਹੇ ਹਨ। ਵਿਧਾਇਕ ਰਵਜੋਤ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਕੀਤਾ ਜਾਣ ਵਾਲਾ ਇਹ ਰੋਸ਼ ਪ੍ਰਦਰਸ਼ਨ ਇਤਹਾਸਿਕ ਹੋਵੇਗਾ ਜੋ ਭਾਜਪਾ ਸਰਕਾਰ ਦੀਆਂ ਜੜ੍ਹਾਂ ਪੁੱਟ ਦੇਵੇਗਾ।