– ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਭੇਜੀ ਫੌਜ ਅਕਾਲੀ ਦਲ ਹਰਿਆਣਾ ਨੂੰ ਪਾਣੀ ਨਹੀਂ ਜਾਣ ਦੇਵੇਗਾ
– ਪਾਰਟੀ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗੀ
ਕਪੂਰੀ (ਪਟਿਆਲਾ) 7 ਅਕਤੂਬਰ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਰਾਵੀ-ਬਿਆਸ ਦਰਿਆ ਦਾ ਪਾਣੀ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਰਾਹੀਂ ਹਰਿਆਣਾ ਲਿਜਾਣ ਵਾਸਤੇ ਕਿਸੇਵੀ ਤਰੀਕੇ ਦਾ ਸਰਵੇਖਣ ਕੇਂਦਰੀ ਟੀਮਾਂ ਨੂੰ ਨਾ ਕਰਨ ਦੇਣ।
ਇਸ ਇਤਿਹਾਸਕ ਪਿੰਡ ਜੋ ਅਕਾਲੀ ਦਲ ਵੱਲੋਂ ਐਸ ਵਾਈ ਐਲ ਦੀ ਉਸਾਰੀ ਦੇ ਵਿਰੋਧ ਵਿਚ ’ਧਰਮ ਯੁੱਧ ਮੋਰਚੇ’ ਦੀ ਸ਼ੁਰੂਆਤ ਦਾ ਕੇਂਦਰ ਹੈ, ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਜਾਣ ਦੇਵੇਗੀ ਭਾਵੇਂ ਜੋ ਮਰਜ਼ੀ ਹੋ ਜਾਵੇ। ਉਹਨਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਕੋਈ ਹੁਕਮ ਹੋਵੇ ਜਾਂ ਫਿਰ ਪ੍ਰਧਾਨ ਮੰਤਰੀ ਵੱਲੋਂ ਫੌਜ ਭੇਜ ਕੇ ਹਰਿਆਣਾ ਲਈ ਪਾਣੀ ਲੈਣ ਦਾ ਮਾਮਲਾ ਹੋਵੇ, ਅਸੀਂ ਇਸਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਤਸ਼ਾਹ ਵਿਚ ਆਏ ਲੋਕਾਂ ਦੀ ਨਾਅਰੇਬਾਜ਼ੀ ਵਿਚ ਕਿਹਾ ਕਿ ਅਕਾਲੀ ਦਲ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਪਾਰਟੀ ਦੇ ਹਲਕਾ ਇੰਚਾਰਜਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਸਮੇਤ ਪਾਰਟੀ ਦੇ ਸੀਨੀਅਰ ਆਗੂ ਇਸ ਘਿਰਾਓ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਪਹਿਲਾਂ ਪਾਰਟੀ ਦਫਤਰ ਵਿਖੇ ਇਕੱਤਰ ਹੋਵੇਗੀ ਤੇ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰੇਗੀ।
ਉਹਨਾਂ ਕਿਹਾ ਕਿ ਪਾਰਟੀ ਉਸ ਵੇਲੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰ ਰਹੀ ਹੈ ਜਦੋਂ ਉਹ ਐਸ ਵਾਈ ਐਲ ਦੇ ਹਿੱਤ ਵੇਚਣ ਦੇ ਮਾਮਲੇ ਵਿਚ ਸਭ ਤੋਂ ਵੱਡੇ ਦਸ਼ੀ ਹਨ।
ਉਹਨਾਂ ਕਿਹਾ ਕਿ ਆਪ ਸਰਕਾਰ ਨੇ ਜਾਣ ਬੁੱਝ ਕੇ ਸੁਪਰੀਮ ਕੋਰਟ ਵਿਚ ਐਸ ਵਾਈ ਐਲ ਕੇਸ ਦੀ ਸੁਣਵਾਈ ਵੇਲੇ ਨਹਿਰ ਬਣਾਉਣ ਲਈ ਸਹਿਮਤੀ ਦਿੱਤੀ ਤੇ ਕਿਹਾ ਕਿ ਉਸ ’ਤੇ ਵਿਰੋਧੀ ਪਾਰਟੀਆਂ ਦਾ ਦਬਾਅ ਹੈ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੀ ਜ਼ਮੀਨ ਵਾਪਸ ਕਰਨ ਕਾਰਨ ਜ਼ਮੀਨ ਵਾਪਸ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਆਪਣੇ ਆਕਾ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਾਸਤੇ ਇਹ ਫੈਸਲਾ ਲਿਆ ਕਿਉਂਕਿ ਸ੍ਰੀ ਕੇਜਰੀਵਾਲ ਚਾਹੁੰਦੇ ਹਨ ਕਿ ਆਉਂਦੀਆਂ ਚੋਣਾਂ ਵਿਚ ਲਾਹਾ ਲੈਣ ਵਾਸਤੇ ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਸੱਤਾ ਵਿਚ ਆਉਣ ’ਤੇ ਇਹ ਮਸਲਾ ਹਮੇਸ਼ਾ ਵਾਸਤੇ ਹੱਲ ਕਰ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਰਾਜਸਥਾਨ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਵਾਸਤੇ ਪਾਣੀਆਂ ਦੀ ਵੰਡ ਲਈ ਪਹਿਲਾਂ ਕੀੇਤ ਸਾਰੇ ਸਮਝੌਤੇ ਰੱਦ ਕਰ ਦਿਆਂਗੇ।
ਉਹਨਾਂ ਕਿਹਾ ਕਿ ਰਾਜਸਥਾਨ ਨੂੰ 1955 ਵਿਚ ਇਕਪਾਸੜ ਫੈਸਲੇ ਤਹਿਤ 8 ਐਮ ਏ ਐਫ ਪਾਣੀ ਦੇ ਦਿੱਤਾ ਗਿਆ ਸੀ। ਇੰਨਾ ਹੀ ਨਹੀਂ 1981 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਤਕਾਲੀ ਮੁੱਖ ਮੰਤਰੀ ਦਰਬਾਰਾ ਸਿੰਘ ਨੂੰ ਐਸ ਵਾਈ ਐਲ ਦੀ ਨਹਿਰੀ ਸ਼ੁਰੂ ਕਰਨ ਵਾਸਤੇ ਰਾਜ਼ੀ ਕਰ ਲਿਆ ਸੀ ਜਿਸਦੀ ਬਦੌਲਤ ਇਸੇ ਪਿੰਡ ਤੋਂ ਇੰਦਰਾ ਗਾਂਧੀ ਨੇ ਉਸਾਰੀ ਸ਼ੁਰੂ ਕਰਵਾਈ। ਸਰਦਾਰ ਬਾਦਲ ਨੇ ਕਿਹਾ ਕਿ ਨਹਿਰ ਲਈ ਐਕਵਾਇਰ ਕੀਤੀ ਜ਼ਮੀਨ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2016 ਵਿਚ ਜ਼ਮੀਨ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਾ ਤਾਂ ਨਹਿਰ ਹੈ ਤੇ ਨਾ ਹੀ ਪਾਣੀ ਹੈ। ਉਹਨਾਂ ਕਿਹਾ ਕਿ ਇਸ ਲਈ ਹਰਿਆਣਾ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਵਿਸਥਾਰ ਵਿਚ ਗੱਲ ਕੀਤੀ ਕਿ ਕਿਵੇਂ ਆਮ ਆਦਮੀ ਪਾਰਟੀ ਕਾਂਗਰਸ ਦੇ ਰਾਹ ’ਤੇ ਚਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੇ ਖਿਲਾਫ ਤੇ ਹਰਿਆਣਾ ਤੇ ਰਾਜਸਥਾਨ ਦੇ ਹੱਕ ਵਿਚ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।