ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਵੈਸਟਰਨ ਡਿਸਟਰਬੈਂਸ (ਡਬਲਯੂਡੀ) ਕਾਰਨ ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇਸ ਬਾਰਿਸ਼ ਕਾਰਨ ਤਾਪਮਾਨ ‘ਚ ਵੀ ਜ਼ਿਆਦਾ ਫਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਸੰਭਾਵਨਾਵਾਂ 25 ਤੋਂ 50 ਪ੍ਰਤੀਸ਼ਤ ਖੇਤਰ ਵਿੱਚ ਹਨ। ਬਾਕੀ ਪੰਜਾਬ ਦੇ ਖੇਤਰ ਖੁਸਕ ਰਹਿਣ ਦੀ ਸੰਭਾਵਨਾ ਹੈ।
ਇਹ ਮੌਸਮ ਐਤਵਾਰ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦਿਨ 16 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਇਸ ਦਿਨ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਦੱਸੀ ਜਾਂਦੀ ਹੈ।
ਤਾਜ਼ਾ ਮੀਂਹ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਆਮ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ। ਕੁਝ ਜ਼ਿਲ੍ਹਿਆਂ ਵਿੱਚ ਇਹ ਆਮ ਨਾਲੋਂ 1 ਤੋਂ 2 ਡਿਗਰੀ ਵੀ ਘੱਟ ਹੈ। ਇਸ ਦੇ ਨਾਲ ਹੀ ਸ਼ਨੀਵਾਰ-ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਵੀ ਤਾਪਮਾਨ ਆਮ ਵਾਂਗ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ 15 ਡਿਗਰੀ ਅਤੇ ਵੱਧ ਤੋਂ ਵੱਧ 30 ਡਿਗਰੀ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।
ਪਰ ਇਸ ਦੇ ਨਾਲ ਹੀ ਪੰਜਾਬ ‘ਚ ਥੋੜ੍ਹੇ-ਥੋੜ੍ਹੇ ਦਿਨਾਂ ਬਾਅਦ ਹੋ ਰਹੀ ਬਾਰਿਸ਼ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਲਗਪਗ ਤਿਆਰ ਹੈ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਝੋਨੇ ਦੀ ਵਾਢੀ ਵੀ ਸ਼ੁਰੂ ਹੋ ਚੁੱਕੀ ਅਤੇ ਕਿਸਾਨਾਂ ਦੀ ਫਸਲ ਮੰਡੀਆਂ ‘ਚ ਵੀ ਪਈ ਹੈ। ਮੌਸਮ ਵਿਭਾਗ ਵੱਲੋਂ ਕੀਤੇ ਮੀਂਹ ਦੇ ਅਲਰਟ ਤੋਂ ਬਾਅਦ ਕਿਸਾਨ ਫੇਰ ਚਿੰਤਤ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਏ ਮੀਹ ਕਾਰਨ ਕਿਸਾਨਾਂ ਦੀ ਖੜ੍ਹੀ ਫ਼ਸਲ ਅਤੇ ਮੰਡੀਆਂ ‘ਚ ਪਈ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਸੀ।