ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਤੇ ਮੋਗਾ ਮੁਅੱਤਲ
ਚੰਡੀਗੜ-ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਚੁਸਤ ਦਰੁਸਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਅਹਿਦ ਨੂੰ ਮੁੜ ਦੁਹਰਾਉਂਦਿਆਂ ਵਿਭਾਗ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦੱਸਿਆ ਕਿ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਵੱਲੋਂ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ਦੀ ਉਨਾਂ ਆਪਣੇ ਪੱਧਰ ‘ਤੇ ਮੁੱਢਲੀ ਜਾਂਚ ਕਰਵਾਈ ਅਤੇ ਜਾਂਚ ਵਿੱਚ ਅਧਿਕਾਰੀ ‘ਤੇ ਲੱਗੇ ਦੋਸ਼ ਸਹੀ ਪਾਏ ਗਏ। ਜਿਸ ‘ਤੇ ਕਾਰਵਾਈ ਕਰਦਿਆਂ ਉਨਾਂ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਵੀ ਸ਼ਿਕਾਇਤਾਂ ਮਿਲੀਆਂ ਸਨ ਜਿਸ ਤੇ ਮੁੱਢਲੀ ਜਾਂਚ ਕਰਵਾਈ ਗਈ, ਜਿਸ ਵਿੱਚ ਦੋਸ਼ ਸਹੀ ਪਾਏ ਗਏ ਅਤੇ ਜ਼ਿਲਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।